ਪੰਜਾਬ – ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਅਚਾਨਕ ਭਾਜਪਾ ’ਚ ਸ਼ਾਮਲ ਹੋ ਗਏ। ਇਸ ਖ਼ਬਰ ਨੇ ਪੰਜਾਬ ਦੀ ਸਿਆਸਤ ਦਾ ਤਾਪਮਾਨ ਵਧਾ ਦਿੱਤਾ ਹੈ। ਇਸ ਦੌਰਾਨ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋਣ 'ਤੇ ਬਿੱਟੂ ਨੇ ਕਿਹਾ ਕਿ ਉਹ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਮੌਕਾ ਦਿੱਤਾ।
ਬਿੱਟੂ ਨੇ ਦੱਸਿਆ ਕਿ ਉਹ ਸ਼ਹੀਦ ਪਰਿਵਾਰ ਨਾਲ ਸਬੰਧਤ ਹੈ। ਉਸ ਨੇ ਪੰਜਾਬ ਦੇ ਬਹੁਤ ਮਾੜੇ ਹਾਲਾਤ ਵੇਖੇ ਹਨ ਅਤੇ ਪੰਜਾਬ ਨੂੰ ਇਸ ਵਿੱਚੋਂ ਨਿਕਲਦਾ ਵੀ ਦੇਖਿਆ ਹੈ। ਉਸ ਦਾ ਦਾਅਵਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਨੂੰ ਬਹੁਤ ਪਿਆਰ ਕਰਦੇ ਹਨ, ਉਹ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ, ਜਿਸ ਲਈ ਇਕ ਪੁਲ ਦੀ ਲੋੜ ਹੈ ਅਤੇ ਉਹ ਵਿਚਕਾਰ ਪੁਲ ਦਾ ਕੰਮ ਕਰਨਗੇ। ਆਉਣ ਵਾਲੇ ਸਮੇਂ ਵਿੱਚ ਵੀ ਸਿਰਫ਼ ਮੋਦੀ ਦੀ ਸਰਕਾਰ ਹੀ ਆਵੇਗੀ। ਪੰਜਾਬ ਦੇ ਕਿਸਾਨਾਂ ਲਈ, ਪੰਜਾਬ ਦੇ ਦੁਕਾਨਦਾਰਾਂ ਲਈ, ਪੰਜਾਬ ਦੀ ਇੰਡਸਟਰੀ ਲਈ, ਅੱਜ ਹੱਥ ਫੜਨ ਦੀ ਲੋੜ ਹੈ। ਉਹ ਕੇਂਦਰ ਸਰਕਾਰ ਅਤੇ ਪੰਜਾਬ ਵਿਚਕਾਰ ਕੜੀ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ 3 ਖੇਤੀ ਬਿੱਲ ਲਿਆਂਦੇ ਗਏ ਸਨ, ਬਾਅਦ ਵਿੱਚ ਉਨ੍ਹਾਂ ਨੂੰ ਵਾਪਸ ਲੈ ਲਿਆ ਗਿਆ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।

