ਲੁਧਿਆਣਾ : ਪੰਜਾਬ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿੱਚ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।
ਹਾਈ ਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ। ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿੱਚ ਉਕਤ ਪਟਵਾਰੀ ਦੇ ਭਰਾ ਅਤੇ ਪਿਤਾ ਸਮੇਤ ਉਸ ਦੇ ਏਜੰਟ ਨਿੱਕੂ ਖ਼ਿਲਾਫ਼ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਕਸਬੇ ਦੇ ਵਸਨੀਕ ਬੱਬੂ ਤੰਵਰ ਵੱਲੋਂ ਉਕਤ ਪਟਵਾਰੀ ਅਤੇ ਉਸ ਦੇ ਨਿੱਜੀ ਏਜੰਟ ਖਿਲਾਫ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਵਿਭਾਗ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।