ਲੁਧਿਆਣਾ (ਸੇਠੀ) : ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਦੇ ਠੇਕੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ 'ਚ ਠੇਕੇਦਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਣਕਾਰੀ ਦੇਣ ਅਤੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਇਹ ਮੀਟਿੰਗ ਸਹਾਇਕ ਕਮਿਸ਼ਨਰ ਪੱਛਮੀ ਆਬਕਾਰੀ ਲੁਧਿਆਣਾ ਇੰਦਰਜੀਤ ਸਿੰਘ ਨਾਗਪਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਆਬਕਾਰੀ ਅਧਿਕਾਰੀ ਹਰਜੋਤ ਸਿੰਘ, ਪ੍ਰੀਤ ਭੁਪਿੰਦਰ ਸਿੰਘ, ਨੀਰਜ ਕੁਮਾਰ ਆਦਿ ਹਾਜ਼ਰ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਵਿਭਾਗ ਵੱਲੋਂ ਠੇਕੇਦਾਰਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਕੋਈ ਵੀ ਠੇਕੇਦਾਰ ਨਾਜਾਇਜ਼ ਸ਼ਰਾਬ ਦਾ ਭੰਡਾਰ ਕਰਦਾ ਪਾਇਆ ਗਿਆ ਜਾਂ ਗੁਦਾਮਾਂ ਵਿੱਚ ਨਾਜਾਇਜ਼ ਸ਼ਰਾਬ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਸ ਦੇ ਨਾਲ ਹੀ ਇਸ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਅਤੇ ਬਿਨਾਂ ਪਰਮਿਟ ਤੋਂ ਸ਼ਰਾਬ ਦੀ ਢੋਆ-ਢੁਆਈ ਕਰਨ ਵਰਗੀਆਂ ਕਈ ਚੀਜ਼ਾਂ ਬਾਰੇ ਹਦਾਇਤਾਂ ਦਿੱਤੀਆਂ।
ਇਸ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਨੇ ਦੱਸਿਆ ਕਿ 28 ਮਾਰਚ ਨੂੰ ਪੂਰੇ ਪੰਜਾਬ ਵਿੱਚ ਡਰਾਅ ਪ੍ਰਣਾਲੀ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਅਲਾਟਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਵਿਸਲਿੰਗ ਵੁੱਡਜ਼ ਵਿਖੇ 28 ਮਾਰਚ ਨੂੰ ਡਰਾਅ ਪ੍ਰਕਿਰਿਆ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ।