ਲੁਧਿਆਣਾ : ਭਾਜਪਾ 'ਚ ਸ਼ਾਮਲ ਹੁੰਦੇ ਹੀ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਅੱਜ ਜਿੱਥੇ 'ਆਪ' ਸਮਰਥਕਾਂ ਨੇ ਜਲੰਧਰ 'ਚ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਘਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ, ਉਥੇ ਹੀ ਇਸ ਗੁੱਸੇ ਦੀ ਚੰਗਿਆੜੀ ਲੁਧਿਆਣਾ 'ਚ ਵੀ ਦੇਖਣ ਨੂੰ ਮਿਲੀ। ਆਮ ਆਦਮੀ ਪਾਰਟੀ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਅਤੇ ਪੰਜਾਬ ਦੇ ਖਜ਼ਾਨਚੀ ਤੇ ਚੇਅਰਮੈਨ ਸੁਰੇਸ਼ ਕੁਮਾਰ ਗੋਇਲ ਦੀ ਅਗਵਾਈ ਹੇਠ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਪੁਤਲੇ ਫੂਕੇ ਗਏ। ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਸਮੇਤ ਸਮੂਹ ਅਧਿਕਾਰੀ ਅਤੇ ਹਲਕਾ ਜਲੰਧਰ ਦੇ ਵਿਧਾਇਕ ਵੀ ਹਾਜ਼ਰ ਸਨ।
ਇਸ ਦੌਰਾਨ ਸ਼ਰਨਪਾਲ ਸਿੰਘ ਮੱਕੜ ਅਤੇ ਸੁਰੇਸ਼ ਗੋਇਲ ਨੇ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦਾ ਆਮ ਆਦਮੀ ਪਾਰਟੀ ਵੱਲੋਂ ਪੂਰਾ ਸਨਮਾਨ ਕੀਤਾ ਗਿਆ ਸੀ ਪਰ ਉਹ ਪਾਰਟੀ ਨਾਲ ਧੋਖਾ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਹੋਰ ਵਿਧਾਇਕਾਂ ਨੂੰ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਛੱਡਣ ਲਈ ਭਰਮਾਇਆ ਜਾ ਰਿਹਾ ਹੈ ਪਰ ਉਹ ਆਪਣੀ ਪਾਰਟੀ ਅਤੇ ਪੰਜਾਬ ਨਾਲ ਵਫ਼ਾਦਾਰੀ ਨਾਲ ਖੜ੍ਹੇ ਹਨ ਜਦਕਿ ਰਿੰਕੂ ਅਤੇ ਅੰਗੁਰਾਲ ਨੇ ਪੰਜਾਬ, ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।