ਗੁਰਦਾਸਪੁਰ : ਅੱਜ ਗੁਰਦਾਸਪੁਰ ਵਿੱਚ ਮਿਲਕ ਪਲਾਂਟ ਨੇੜੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਏ ਝਗੜੇ ਵਿੱਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਕਾਸ ਗੁਪਤਾ ਸਮੇਤ ਦੋਵਾਂ ਧਿਰਾਂ ਦੇ 4 ਵਿਅਕਤੀ ਜ਼ਖ਼ਮੀ ਹੋ ਗਏ। ਫਿਲਹਾਲ ਜ਼ਖਮੀਆਂ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਤੋਂ ਜ਼ਖਮੀਆਂ ਨੇ ਭਾਜਪਾ ਦੇ ਜ਼ਿਲਾ ਜਨਰਲ ਸਕੱਤਰ 'ਤੇ ਦੁਕਾਨ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ ਜਦਕਿ ਵਿਕਾਸ ਗੁਪਤਾ ਨੇ ਉਕਤ ਦੋਸ਼ਾਂ ਨੂੰ ਨਕਾਰਿਆ ਹੈ।
ਇਸ ਸਬੰਧੀ ਜ਼ਖਮੀ ਭਾਜਪਾ ਆਗੂ ਵਿਕਾਸ ਗੁਪਤਾ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਉਸ ਨੇ ਮਿਲਕ ਪਲਾਂਟ ਗੁਰਦਾਸਪੁਰ ਨੇੜੇ ਫਲ ਵੇਚਣ ਵਾਲੇ ਸਤਪਾਲ ਨੂੰ 1 ਲੱਖ ਰੁਪਏ ਦਿੱਤੇ ਸਨ ਪਰ ਉਸ ਦੇ ਪੈਸੇ ਵਾਪਸ ਨਹੀਂ ਕੀਤੇ ਜਾ ਰਹੇ। ਅੱਜ ਜਦੋਂ ਉਹ ਪੈਸੇ ਲੈਣ ਲਈ ਉਸ ਦੀ ਦੁਕਾਨ 'ਤੇ ਗਿਆ ਤਾਂ ਉਨ੍ਹਾਂ ਨੇ ਉਸ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਦੋਵਾਂ ਵਿਚਾਲੇ ਬਹਿਸ ਹੋ ਗਈ ਅਤੇ ਉਨ੍ਹਾਂ ਨੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ।
ਇਸ ਮਗਰੋਂ ਉਸ ਨੇ ਆਪਣੇ ਸਾਥੀਆਂ ਨੂੰ ਸੂਚਿਤ ਕੀਤਾ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਸਿਵਲ ਹਸਪਤਾਲ ਵਿਖੇ ਸਤਪਾਲ ਅਤੇ ਉਸ ਦੇ ਲੜਕੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਪਿਤਾ ਇੱਕ ਦੁਕਾਨ ’ਤੇ ਕੰਮ ਕਰਦਾ ਸੀ। ਇਸ ਦੌਰਾਨ ਵਿਕਾਸ ਗੁਪਤਾ ਉਨ੍ਹਾਂ ਦੀ ਦੁਕਾਨ 'ਤੇ ਆਇਆ ਅਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬਹਿਸ ਕਰਨ ਲੱਗਾ। ਉਸ ਨੇ ਕਿਹਾ ਕਿ ਉਸ ਦੇ ਪੈਸੇ ਘਰ ਭੇਜ ਦਿੱਤੇ ਜਾਣਗੇ ਪਰ ਇਸ ਦੇ ਬਾਵਜੂਦ ਵਿਕਾਸ ਗੁਪਤਾ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਦੁਕਾਨ 'ਚ ਪਏ ਪਲਾਸਟਿਕ ਦੇ ਕਰੇਟ ਨਾਲ ਉਸ ਦੇ ਪਿਤਾ 'ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਸੂਚਨਾ ਮਿਲਣ 'ਤੇ ਰਾਕੇਸ਼ ਵੀ ਦੁਕਾਨ 'ਤੇ ਪਹੁੰਚ ਗਿਆ ਅਤੇ ਵਿਕਾਸ ਗੁਪਤਾ ਨੇ ਉਸ 'ਤੇ ਵੀ ਹਮਲਾ ਕਰਕੇ ਉਸ ਨੂੰ ਅਤੇ ਉਸ ਦੇ ਰਿਸ਼ਤੇਦਾਰ ਨੂੰ ਜ਼ਖਮੀ ਕਰ ਦਿੱਤਾ।

