ਲੁਧਿਆਣਾ : ਥਾਣਾ ਮੇਹਰਬਾਨ ਅਧੀਨ ਪੈਂਦੀ ਪ੍ਰੇਮ ਕਾਲੋਨੀ 'ਚ ਬੀਤੀ ਰਾਤ ਇਕ ਪਤੀ ਵਲੋਂ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪ੍ਰੇਮ ਕਾਲੋਨੀ 'ਚ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਦੇਖਿਆ। ਕਿ ਘਰ ਦਾ ਦਰਵਾਜ਼ਾ ਬੰਦ ਸੀ। ਜਦੋਂ ਪੁਲਸ ਇਸ ਨੂੰ ਤੋੜ ਕੇ ਘਰ ਅੰਦਰ ਦਾਖਲ ਹੋਈ ਤਾਂ ਦੇਖਿਆ ਕਿ ਇਕ ਔਰਤ ਦੀ ਲਾਸ਼ ਜ਼ਮੀਨ 'ਤੇ ਪਈ ਸੀ ਅਤੇ ਔਰਤ ਦਾ ਪਤੀ ਨੇੜੇ ਹੀ ਬੈਠਾ ਸੀ। ਜਾਂਚ ਕਰਨ 'ਤੇ ਪੁਲਸ ਨੂੰ ਪਤਾ ਲੱਗਾ ਕਿ ਔਰਤ ਦੀ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਮਾਨਿਆ ਸ਼੍ਰੀ (34) ਪਤਨੀ ਮਾਨ ਸਿੰਘ ਵਜੋਂ ਹੋਈ ਹੈ। ਦੋਵੇਂ ਉੱਤਰ ਪ੍ਰਦੇਸ਼ ਦੇ ਹਰਦੋਈ ਦੇ ਰਹਿਣ ਵਾਲੇ ਸਨ ਅਤੇ ਪਿਛਲੇ ਕਈ ਸਾਲਾਂ ਤੋਂ ਪ੍ਰੇਮ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਥਾਣਾ ਇੰਚਾਰਜ ਨੇ ਦੱਸਿਆ ਕਿ ਉਹ ਪੇਂਟਰ ਦਾ ਕੰਮ ਕਰਦਾ ਸੀ ਅਤੇ ਸ਼ਰਾਬ ਪੀਣ ਦਾ ਆਦੀ ਸੀ। 31 ਮਾਰਚ ਨੂੰ ਸ਼ਰਾਬ ਸਸਤੀ ਹੋਣ ਕਾਰਨ ਮਾਨ ਸਿੰਘ ਰਾਤ ਨੂੰ ਸ਼ਰਾਬ ਦੀਆਂ ਦੋ ਬੋਤਲਾਂ ਘਰ ਲੈ ਆਇਆ ਅਤੇ ਅਗਲੇ ਦਿਨ ਵੀ ਸ਼ਰਾਬ ਪੀਂਦਾ ਰਿਹਾ। ਬੀਤੀ ਰਾਤ ਜਦੋਂ ਉਸ ਦੀ ਪਤਨੀ ਨੇ ਉਸ ਨੂੰ ਸ਼ਰਾਬ ਪੀਣ ਤੋਂ ਰੋਕਿਆ ਤਾਂ ਮਾਨ ਸਿੰਘ ਨੇ ਸ਼ਰਾਬ ਦੇ ਨਸ਼ੇ ਵਿਚ ਉਸ ਦੀ ਪਤਨੀ ਦੇ ਵਾਲ ਫੜ੍ਹ ਕੇ ਉਸ ਦਾ ਸਿਰ ਜ਼ਮੀਨ 'ਤੇ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਦੋਸ਼ੀ ਮਾਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।