ਲੁਧਿਆਣਾ : ਥਾਣਾ ਸਲੇਮ ਟਾਬਰੀ ਅਧੀਨ ਆਉਂਦੀ ਅਲਡੀਕੋ ਪੁਲਸ ਚੌਕੀ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਅਜੀਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਗਸ਼ਤ ਦੌਰਾਨ ਭੱਟੀਆਂ ਬੇਟ ਵਿਖੇ ਮੌਜੂਦ ਸੀ ਤਾਂ ਇਸੇ ਦੌਰਾਨ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਦੇਖਿਆ ਤਾਂ ਪੁਲਸ ਟੀਮ ਨੇ ਉਕਤ ਵਿਅਕਤੀ ਨੂੰ ਚੈਕਿੰਗ ਰੋਕਣ ਦਾ ਇਸ਼ਾਰਾ ਕੀਤਾ। ਸ਼ੱਕ ਦੇ ਆਧਾਰ 'ਤੇ ਜਦੋਂ ਉਸ ਨੇ ਪੁਲਿਸ ਟੀਮ ਨੂੰ ਸਾਹਮਣੇ ਦੇਖਿਆ ਤਾਂ ਉਹ ਪਿੱਛੇ ਮੁੜਨ ਲੱਗਾ, ਪਰ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ 20 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ। ਪੁਲੀਸ ਨੇ ਉਸ ਨੂੰ ਤੁਰੰਤ ਕਾਬੂ ਕਰਕੇ ਉਸ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਵਲਾਇਤ ਸਿੰਘ ਵਾਸੀ ਪਿੰਡ ਜਮਾਲਪੁਰ ਲੇਲੀ ਮੇਹਰਬਾਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਚੌਕੀ ਇੰਚਾਰਜ ਅਜੀਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਲੜਾਈ ਝਗੜੇ ਦਾ ਕੇਸ ਦਰਜ ਹੈ। ਮੁਲਜ਼ਮ ਖ਼ੁਦ ਨਸ਼ੇ ਦਾ ਆਦੀ ਹੈ। ਅੱਜ ਮੁਲਜ਼ਮ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਲਈ ਹੈਰੋਇਨ ਦੀ ਖੇਪ ਲੈ ਕੇ ਆਇਆ ਸੀ ਅਤੇ ਪੁਲੀਸ ਨੇ ਉਸ ਨੂੰ ਰਸਤੇ ਵਿੱਚ ਹੀ ਕਾਬੂ ਕਰ ਲਿਆ।