ਪਟਿਆਲਾ: ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਈ ਪ੍ਰਨੀਤ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪ੍ਰਾਪਤ ਖ਼ਬਰਾਂ ਅਨੁਸਾਰ ਭਾਜਪਾ ਦੀ ਪਟਿਆਲਾ ਸੀਟ ਤੋਂ ਚੋਣ ਲੜ ਰਹੀ ਪ੍ਰਨੀਤ ਕੌਰ ਦਾ ਅੱਜ ਤੀਜੀ ਵਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਹੈ। ਦੱਸ ਦੇਈਏ ਕਿ ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਤੋਂ ਹੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਅਹਿਮ ਸਮਾਚਾਰ ਪ੍ਰਾਪਤ ਹੋਇਆ ਹੈ ਕਿ ਬਹਾਦੁਰਗੜ੍ਹ ਵਿੱਚ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਨੇ ਪ੍ਰਨੀਤ ਕੌਰ ਦਾ ਘਿਰਾਓ ਕਰਕੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪ੍ਰਨੀਤ ਕੌਰ ਸੋਮਵਾਰ ਨੂੰ ਜਨਤਕ ਪ੍ਰੋਗਰਾਮ ਕਰਕੇ ਅੱਜ ਬਹਾਦਰਗੜ੍ਹ ਪਹੁੰਚੀ ਸੀ। ਇਸ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਰੱਖੇ ਹੋਏ ਸਨ ਅਤੇ ਕਿਸਾਨਾਂ ਨੂੰ ਪ੍ਰਨੀਤ ਕੌਰ ਤੱਕ ਨਹੀਂ ਪਹੁੰਚਣ ਦਿੱਤਾ ਗਿਆ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਇਸੇ ਇਲਾਕੇ ਦੇ ਕਿਸਾਨਾਂ ਵੱਲੋਂ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੱਲ੍ਹ ਰਾਜਪੁਰਾ ਅਤੇ ਅੱਜ ਬਹਾਦਰਗੜ੍ਹ ਵਿੱਚ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਸੀ। ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਰਨ ਹਰ ਰੈਲੀ ਵਿੱਚ ਕਿਸਾਨਾਂ ਵੱਲੋਂ ਹੰਸਰਾਜ ਹੰਸ ਦਾ ਵੀ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ।

