ਲੁਧਿਆਣਾ (ਸੰਦੀਪ ਚੱਢਾ) : ਏ.ਡੀ.ਜੀ.ਪੀ ਰੈਂਕ ਦੇ ਆਈ.ਪੀ.ਐੱਸ. ਨੀਲੰਬ ਕਿਸ਼ੋਰ ਨੇ ਅੱਜ ਬਾਅਦ ਦੁਪਹਿਰ ਲੁਧਿਆਣਾ ਪੁਲਸ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਉਹ ਲੁਧਿਆਣਾ ਦੇ 22ਵੇਂ ਪੁਲਿਸ ਕਮਿਸ਼ਨਰ ਹਨ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹਨ। ਨਸ਼ਿਆਂ ਅਤੇ ਗੈਂਗਸਟਰਾਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਉਨ੍ਹਾਂ ਨੇ ਚਾਰਜ ਸੰਭਾਲਣ ਤੋਂ ਬਾਅਦ ਸਾਰੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ।
ਦੱਸ ਦੇਈਏ ਕਿ ਬੀਤੇ ਦਿਨ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੂੰ ਭਾਰਤੀ ਚੋਣ ਕਮਿਸ਼ਨ (ECI) ਨੇ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਗੈਰ-ਚੋਣਕਾਰੀ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੀਆਂ ਜਾਣ ਵਾਲੀਆਂ ਅਸਾਮੀਆਂ ਲਈ 3-3 ਦਾ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।

