ਲੁਧਿਆਣਾ (ਸੰਦੀਪ ਚੱਢਾ) : ਪੰਜਾਬ 'ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਗਰਮੀ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਹੈ ਕਿ ਚੋਣਾਂ ਸਵੇਰੇ 1 ਘੰਟਾ ਪਹਿਲਾਂ ਸ਼ੁਰੂ ਕਰਵਾਈਆਂ ਜਾਣ ਅਤੇ 1 ਘੰਟਾ ਦੇਰੀ ਨਾਲ ਸਮਾਪਤ ਕਰਵਾਈਆਂ ਜਾਣ।
ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਉਸ ਸਮੇਂ ਪੰਜਾਬ 'ਚ ਗਰਮੀ ਆਪਣੇ ਸਿਖਰ 'ਤੇ ਹੋਵੇਗੀ। ਇਸ ਕਾਰਨ ਵੋਟਰਾਂ ਨੂੰ ਧੁੱਪ ਵਿੱਚ ਵੋਟ ਪਾਉਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਵੇਗਾ। ਇਹ ਦੂਜਿਆਂ, ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਹੈ। ਜਾਖੜ ਨੇ ਪੰਜਾਬ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਵੋਟਿੰਗ ਹੋ ਸਕੇ।

