ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਆਪਣੀ ਰਿਹਾਇਸ਼ ਬਦਲ ਕੇ ਜਲੰਧਰ 'ਚ ਡੇਰਾ ਲਾ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ-ਇੱਕ ਉਦੇਸ਼ ਸੂਬੇ ਖਾਸ ਕਰਕੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਨੂੰ ਰੋਜ਼ਾਨਾ ਦੇ ਕੰਮਕਾਜ ਕਰਨ ਲਈ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਇਕ ਤਰ੍ਹਾਂ ਦੇ ਉਪਰਾਲੇ ਦਾ ਉਦੇਸ਼ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨਾ ਹੈ ਕਿਉਂਕਿ ਉਹ ਲੋਕਾਂ ਦੀ ਸਹੂਲਤ ਲਈ ਹਫ਼ਤੇ ਦੇ ਕੁਝ ਦਿਨ ਇੱਥੇ ਹਾਜ਼ਰ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਉਨ੍ਹਾਂ ਲਈ ਜਲੰਧਰ ਵਿੱਚ ਹੀ ਮੌਜੂਦ ਰਹਿਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਅਤੇ ਇਹ ਉਨ੍ਹਾਂ ਲਈ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਇਕ ਵਾਰ ਫਿਰ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਾਰੇ ਯਤਨਾਂ ਦਾ ਇੱਕੋ ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਚਲੇ ਗਏ ਹਨ ਜਦੋਂ ਸਰਕਾਰ ਚੰਡੀਗੜ੍ਹ ਵਿੱਚ ਦਫਤਰਾਂ ਤੋਂ ਭੱਜਦੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰ ਹੁਣ ਪਿੰਡਾਂ ਅਤੇ ਕਸਬਿਆਂ ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 'ਸਰਕਾਰ ਆਪਕੇ ਦੁਆਰ' ਦੇ ਬੈਨਰ ਹੇਠ ਆਪਣੀ ਫਲੈਗਸ਼ਿਪ ਸਕੀਮ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਲੋਕਾਂ ਨੂੰ ਘਰ-ਘਰ ਸੇਵਾਵਾਂ ਦੇਣ ਲਈ ਪਿੰਡ ਪੱਧਰ 'ਤੇ ਕੈਂਪ ਲਗਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਭਲਾਈ ਦੇ ਉਪਰਾਲੇ ਕੀਤੇ ਜਾਣਗੇ।
ਪੰਜਾਬ ਦੇ ਸੀ.ਐਮ ਭਗਵੰਤ ਮਾਨ ਆਪਣੇ ਪਰਿਵਾਰ ਸਮੇਤ ਜਲੰਧਰ 'ਚ ਕਿਰਾਏ ਦੇ ਮਕਾਨ 'ਚ ਸ਼ਿਫਟ ਹੋ ਗਏ ਹਨ। ਦਰਅਸਲ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਦੇ ਦੀਪ ਨਗਰ 'ਚ ਮਕਾਨ ਕਿਰਾਏ 'ਤੇ ਲਿਆ ਹੋਇਆ ਹੈ, ਜਿੱਥੇ ਉਹ ਅੱਜ ਪਰਿਵਾਰ ਸਮੇਤ ਪਹੁੰਚੇ। ਸੀ.ਐਮ. ਮਾਨ ਦੇ ਜਲੰਧਰ ਪਹੁੰਚਣ 'ਤੇ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਅਤੇ ਸੀ.ਐਮ. ਉਨ੍ਹਾਂ ਦੀ ਆਮਦ ਨੂੰ ਦੇਖਦੇ ਹੋਏ ਸ਼ਹਿਰ ਦੇ ਹਰ ਕੋਨੇ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਦੇਖਣ ਨੂੰ ਮਿਲੇ।

