ਦੀਨਾਨਗਰ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਪਨਿਆਰ ਵਿੱਚ ਸਥਿਤ ਸਰਕਾਰੀ ਖੰਡ ਮਿੱਲ ਦੀ ਨਵੀਂ ਇਮਾਰਤ ਵਿੱਚ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਮਿੱਲ ਦੇ ਵਿਸਥਾਰ ਲਈ ਇਕ ਨਵਾਂ ਪ੍ਰੋਜੈਕਟ ਬਣਾਇਆ ਗਿਆ ਸੀ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਵੀ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਖਬਰ ਲਿਖੇ ਜਾਣ ਤੱਕ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।


