ਲੁਧਿਆਣਾ, 26 ਜੁਲਾਈ, 2024: ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਨੇ ਸ਼ੁੱਕਰਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਵਾਰ ਮਿਉਜ਼ਿਅਮ ਵਿਖੇ 25ਵੇਂ ਕਾਰਗਿਲ ਵਿਜੇ ਦਿਵਸ ਨੂੰ ਮਨਾਉਣ ਲਈ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕੀਤੀ।
ਇਸ ਮੌਕੇ ਬੋਲਦਿਆਂ ਅਰੋੜਾ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਨੇ ਕਾਰਗਿਲ ਦੇ ਇੱਕ ਸ਼ਹੀਦ ਦੇ ਅੰਸ਼ਾਂ ਦਾ ਹਵਾਲਾ ਦਿੱਤਾ ਜਿਸ ਨੇ ਯੁੱਧ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਪਰਿਵਾਰ ਨੂੰ ਇੱਕ ਚਿੱਠੀ ਲਿਖੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪੱਤਰ ਦਾ ਸਾਰ ਇਹ ਸੀ ਕਿ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਫ਼ੌਜੀ ਹਮੇਸ਼ਾ ਤਿਆਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੈਨਿਕ ਬਹਾਦਰ ਹਨ ਤਾਂ ਉਨ੍ਹਾਂ ਦੇ ਪਰਿਵਾਰ ਵੀ ਬਹਾਦਰ ਹਨ।
ਅਰੋੜਾ ਨੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਉਜ਼ਿਅਮ ਨੂੰ ਹੋਰ ਪ੍ਰਸਿੱਧ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਿਉਜ਼ਿਅਮ ਸਾਡੇ ਸ਼ਹੀਦਾਂ ਦੇ ਇਤਿਹਾਸ ਅਤੇ ਆਜ਼ਾਦੀ ਤੋਂ ਬਾਅਦ ਹੋਈਆਂ ਜੰਗਾਂ ਬਾਰੇ ਜਾਣਨ ਲਈ ਬਹੁਤ ਵਧੀਆ ਥਾਂ ਹੈ। ਉਨ੍ਹਾਂ ਕਿਹਾ ਕਿ ਮਿਉਜ਼ਿਅਮ ਵਿੱਚ ਆਜ਼ਾਦੀ ਤੋਂ ਪਹਿਲਾਂ ਦੇ ਦੇਸ਼ ਬਾਰੇ ਵੀ ਭਰਪੂਰ ਜਾਣਕਾਰੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਇਸ ਮਿਊਜ਼ੀਅਮ ਨੂੰ ਹੋਰ ਬਿਹਤਰ ਬਣਾਉਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੇ ਐਮ.ਪੀ.ਐਲ.ਏ.ਡੀ ਫੰਡ ਵਿੱਚੋਂ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ।
ਅਰੋੜਾ ਨੇ ਕਿਹਾ ਕਿ ਉਹ ਸਾਰੇ ਸਥਾਨਕ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਪੱਤਰ ਲਿਖ ਕੇ ਸਕੂਲੀ ਬੱਚਿਆਂ ਨੂੰ ਮਿਉਜ਼ਿਅਮ ਦਾ ਦੌਰਾ ਕਰਵਾਉਣ ਲਈ ਕਹਿਣਗੇ, ਤਾਂ ਜੋ ਸਕੂਲੀ ਬੱਚਿਆਂ ਨੂੰ ਸਾਡੇ ਸ਼ਹੀਦਾਂ ਅਤੇ ਦੇਸ਼ ਦੇ ਇਤਿਹਾਸ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਮਿਉਜ਼ਿਅਮ ਦਾ ਦੌਰਾ ਸਕੂਲੀ ਬੱਚਿਆਂ ਲਈ ਬਹੁਤ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਟੂਰ ਬੱਚਿਆਂ ਨੂੰ ਇਤਿਹਾਸ ਅਤੇ ਸ਼ਹੀਦਾਂ ਬਾਰੇ ਹੀ ਨਹੀਂ ਦੱਸਣਗੇ, ਸਗੋਂ ਉਨ੍ਹਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਵੀ ਪ੍ਰੇਰਿਤ ਕਰਨਗੇ।
ਅਰੋੜਾ ਨੇ ਸਪੱਸ਼ਟ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੇ ਸ਼ਹੀਦਾਂ ਦੇ ਹਰੇਕ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ ਦੇਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਹੋਰ ਸੂਬਾ ਸਰਕਾਰਾਂ ਨੇ ਵੀ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।