ਲੁਧਿਆਣਾ: ਬੁੱਢੇ ਦਰਿਆਂ ਦੇ ਆਲੇ-ਦੁਆਲੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ੁੱਕਰਵਾਰ ਨੂੰ ਦਰਿਆ ਦੇ ਆਲੇ-ਦੁਆਲੇ 550 ਦੇ ਕਰੀਬ ਬੂਟੇ ਲਗਾਏ।
ਬੂਟੇ ਲਗਾਉਣ ਦੀ ਮੁਹਿੰਮ ਐਸ.ਟੀ.ਪੀ ਜਮਾਲਪੁਰ ਸਾਈਟ ਦੇ ਨੇੜੇ ਤੋਂ ਸ਼ੁਰੂ ਕੀਤੀ ਗਈ ਅਤੇ ਐਮ.ਪੀ ਸੀਚੇਵਾਲ ਦੇ ਨਾਲ ਨਗਰ ਨਿਗਮ ਲੁਧਿਆਣਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰਿਆਲੀ ਫੈਲਾਉਣ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਅੱਗੇ ਵਧਣ ਅਤੇ ਆਪਣੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ।
ਸੰਸਦ ਮੈਂਬਰ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ 2 ਫਰਵਰੀ ਨੂੰ ਗੁਰਦੁਆਰਾ ਗਊ ਘਾਟ ਤੋਂ 'ਬੁੱਢੇ ਦਰਿਆਂ' ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਹੁਣ ਦਰਿਆ ਦੇ ਆਲੇ-ਦੁਆਲੇ ਹਰਿਆਲੀ ਫੈਲਾਉਣ ਲਈ ਪੜਾਅਵਾਰ ਬੂਟੇ ਲਗਾਏ ਜਾ ਰਹੇ ਹਨ। ਸ਼ੁੱਕਰਵਾਰ ਨੂੰ ਬੁੱਢੇ ਦਰਿਆਂ ਦੇ ਨਾਲ-ਨਾਲ ਵੱਖ-ਵੱਖ ਰੁੱਖਾਂ ਦੇ 550 ਬੂਟੇ ਲਗਾਏ ਗਏ।ਐਮ.ਪੀ ਸੀਚੇਵਾਲ ਨੇ ਗੈਰ ਸਰਕਾਰੀ ਸੰਗਠਨਾਂ/ਨਿਵਾਸੀਆਂ ਨੂੰ ਅੱਗੇ ਵਧਣ ਅਤੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਉਪਰੰਤ ਐਮ.ਪੀ ਸੀਚੇਵਾਲ ਨੇ ਜਮਾਲਪੁਰ ਐਸ.ਟੀ.ਪੀ ਸਾਈਟ ਵਿਖੇ ਨਗਰ ਨਿਗਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ‘ਬੁੱਢੇ ਦਰਿਆਂ’ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਲਈ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।