ਫ਼ਿਰੋਜ਼ਪੁਰ: ਪੰਜਾਬ ਵਿੱਚ ਗੋਲੀਬਾਰੀ ਦੇ ਮਾਮਲੇ ਦਿਨੋਂ ਦਿਨ ਵੱਧਦੇ ਜਾ ਰਹੇ ਹਨ। ਇਸੇ ਦੌਰਾਨ ਫ਼ਿਰੋਜ਼ਪੁਰ ਵਿੱਚ ਇੱਕ ਵੱਡੀ ਗੈਂਗਵਾਰ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਇੱਕ ਕਾਰ ਵਿੱਚ ਜਾ ਰਹੇ ਤਿੰਨ ਵਿਅਕਤੀਆਂ ਨੂੰ ਪਿੱਛੇ ਤੋਂ ਆ ਰਹੀ ਇੱਕ ਹੋਰ ਕਾਰ ਵਿੱਚ ਸਵਾਰ ਕੁਝ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਕਾਰ ਵਿੱਚ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜਵਾਨ ਆਪਣੇ ਦੋਸਤ ਦੀ ਅਦਾਲਤ ਵਿੱਚ ਪੇਸ਼ੀ ਤੋਂ ਇਕੱਠੇ ਵਾਪਸ ਆ ਰਹੇ ਸਨ।
ਇਸ ਗੋਲੀਬਾਰੀ ਦੌਰਾਨ ਕਾਰ ਚਾਲਕ ਲਵਪ੍ਰੀਤ ਸਿੰਘ ਉਰਫ਼ ਆਕਾਸ਼ ਦੀ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਕਾਰ 'ਚ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਆਕਾਸ਼ ਦਾ ਵਿਆਹ 18 ਦਿਨ ਪਹਿਲਾਂ ਹੋਇਆ ਸੀ। ਉਹ 5 ਭੈਣਾਂ ਦਾ ਇਕਲੌਤਾ ਭਰਾ ਸੀ। ਪੁਲੀਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਖ਼ਿਲਾਫ਼ ਕਈ ਅਪਰਾਧਿਕ ਕੇਸ ਦਰਜ ਹਨ ਅਤੇ ਇਨ੍ਹਾਂ ਦੀ ਪੁਰਾਣੀ ਦੁਸ਼ਮਣੀ ਹੈ। ਇਹ ਘਟਨਾ ਗੈਂਗ ਵਾਰ ਦੀ ਲੱਗ ਰਹੀ ਹੈ। ਇਸ ਦੌਰਾਨ ਮ੍ਰਿਤਕਾ ਦੇ ਪਿਤਾ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਸ ਨੇ ਦੱਸਿਆ ਕਿ ਤਿੰਨੋਂ ਆਪਣੇ ਦੋਸਤ ਤੋਂ ਉਸ ਦੀ ਪੇਸ਼ੀ ਦੌਰਾਨ ਉਸ ਨੂੰ ਮਿਲਣ ਤੋਂ ਬਾਅਦ ਵਾਪਸ ਆ ਰਹੇ ਸਨ।


