ਪੰਜਾਬ ਡੈਸਕ : ਅੱਜਕਲ ਗੋਲੀਬਾਰੀ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਲੋਕ ਕਾਫੀ ਡਰੇ ਹੋਏ ਵੀ ਹਨ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਬਟਾਲਾ ਤੋਂ ਸਾਹਮਣੇ ਆਇਆ ਹੈ। ਬਟਾਲਾ ਦੇ ਸ਼੍ਰੀ ਹਰਗੋਬਿੰਦਪੁਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਇੱਕ ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ ਚਲਾਈਆਂ ਗਈਆਂ।
ਜਾਣਕਾਰੀ ਅਨੁਸਾਰ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਦੇਸ ਰਾਜ ਗੋਲਡ ਸਮਿਥ ਦੀ ਦੁਕਾਨ ’ਤੇ ਦੋ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਆਂ ਚੱਲਣ ਕਾਰਨ ਦੁਕਾਨਦਾਰ ਦੀ ਦੁਕਾਨ ਦੇ ਸ਼ੀਸ਼ੇ ਵੀ ਟੁੱਟ ਗਏ। ਚੰਗੀ ਗੱਲ ਇਹ ਹੈ ਕਿ ਇਸ ਘਟਨਾ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ, ਜਿਸ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਦੱਸ ਦੇਈਏ ਕਿ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਫੁਟੇਜ ਤੋਂ ਪਤਾ ਚੱਲਦਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਆਪਣੇ ਮੂੰਹ ਢਕੇ ਹੋਏ ਸਨ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਨੌਜਵਾਨ ਨੂੰ ਕਾਬੂ ਕਰ ਲਿਆ ਜਾਵੇਗਾ।