ਦੀਨਾਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਗੁਰਦਾਸਪੁਰ ਦੇ ਦੀਨਾਨਗਰ ਪਹੁੰਚ ਰਹੇ ਹਨ। ਇਸ ਦੌਰਾਨ ਉਹ ਦੀਨਾਨਗਰ-ਬਹਿਰਾਮਪੁਰ ਰੋਡ ’ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਸਰਕਲ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਪੁਲ ਦੀ ਉਸਾਰੀ ਦਾ ਕੰਮ ਕਰੋੜਾਂ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਇਆ ਹੈ, ਜੋ ਕਿ ਲੰਮੇ ਸਮੇਂ ਤੋਂ ਲਟਕ ਰਿਹਾ ਸੀ। ਜਿਸ ਦਾ ਰਸਮੀ ਉਦਘਾਟਨ ਭਲਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਖੁੱਲ੍ਹਣ ਨਾਲ ਸੈਂਕੜੇ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਇਹ ਪੁਲ ਬਣਨ ਨਾਲ ਲੋਕਾਂ ਦੇ ਸਫ਼ਰ ਵਿੱਚ 7-8 ਕਿਲੋਮੀਟਰ ਦੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਭਲਕੇ ਸਵੇਰੇ 11 ਵਜੇ ਇਸ ਪੁਲ ਦਾ ਉਦਘਾਟਨ ਕਰਨਗੇ ਅਤੇ ਉਸ ਤੋਂ ਬਾਅਦ ਇਹ ਪੁਲ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਅਤੇ ਐਸਐਸਪੀ ਗੁਰਦਾਸਪੁਰ ਹਰੀਸ਼ ਕੁਮਾਰ ਦਾਇਮਾ ਸਮੇਤ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੌਰਾ ਕੀਤਾ।