ਲੁਧਿਆਣਾ: ਥਾਣਾ ਮੇਹਰਬਾਨ ਅਧੀਨ ਪੈਂਦੀ ਧਰਮਪੁਰਾ ਕਲੋਨੀ ਵਿੱਚ ਬਿਜਲੀ ਦਾ ਕਰੰਟ ਲੱਗਣ ਨਾਲ 12 ਸਾਲਾ ਲੜਕੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪਿਤਾ ਸੁਰਜੀਤ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਲਕਸ਼ਮੀ ਲੋਹੇ ਦੀ ਅਲਮਾਰੀ 'ਤੇ ਕੱਪੜੇ ਇਸਤਰੀ ਕਰ ਰਹੀ ਸੀ। ਇਸ ਦੌਰਾਨ ਉਸ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਹ ਡਿੱਗ ਕੇ ਬੇਹੋਸ਼ ਹੋ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੇ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਛਾਣ ਲਕਸ਼ਮੀ (12) ਵਜੋਂ ਹੋਈ ਹੈ, ਜੋ 7ਵੀਂ ਜਮਾਤ ਵਿੱਚ ਪੜ੍ਹਦੀ ਸੀ। ਪੁਲੀਸ ਨੇ ਲੜਕੀ ਦੇ ਪਿਤਾ ਸੁਰਜੀਤ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲੜਕੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।