ਜਲੰਧਰ : ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦਿਆਂ ਜਲੰਧਰ ਕਮਿਸ਼ਨਰੇਟ ਪੁਲਸ ਨੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ 'ਚ ਇਕ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇਤਲਾਹ 'ਤੇ ਦਕੋਹਾ ਗੇਟ ਜਲੰਧਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ, ਜਦੋਂ ਉਨ੍ਹਾਂ ਨੇ ਇੱਕ ਕਾਰ (ਰਜਿਸਟ੍ਰੇਸ਼ਨ ਨੰਬਰ ਡੀ.ਐਲ. 10-ਸੀਐਚ-4277) ਨੂੰ ਆਉਂਦੀ ਦੇਖਿਆ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਕਾਰ ਨਾਮੀ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਕਿ ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ ਵਿਖੇ ਵੇਚਦਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਜਦੋਂ ਪੁਲਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਕਾਰ 'ਚੋਂ 3.5 ਕਿਲੋ ਅਫੀਮ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਥਾਣਾ ਕੈਂਟ ਸੀ.ਪੀ. ਜਲੰਧਰ ਵਿੱਚ ਐਫ.ਆਈ.ਆਰ 116 ਮਿਤੀ 25-07-2024 ਅਧੀਨ 18-61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੇ ਕੈਪਟਨ ਸਿੰਘ ਦੇ ਨਾਲ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਇੱਕ ਹੋਰ ਮਾਨ ਸਿੰਘ ਨੂੰ ਟਰੇਸ ਕੀਤਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮਾਨ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 7 ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਹੁੰਡਈ ਆਈ-20 (ਰਜਿਸਟ੍ਰੇਸ਼ਨ ਨੰਬਰ HR51-BD-7860) ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਿੱਚੋਂ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਕਮਿਸ਼ਨਰੇਟ ਪੁਲਿਸ ਦੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਹੋਰ ਜਾਂਚ ਕਰ ਰਹੇ ਹਨ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

