ਖੰਨਾ : ਖੰਨਾ ਦੇ ਸਮਰਾਲਾ ਰੋਡ ’ਤੇ ਸਥਿਤ ਪਿੰਡ ਲਲੌਦੀ ਕਲਾਂ ਨੇੜੇ ਫਾਰਚੂਨਰ ਅਤੇ ਟਾਟਾ ਪੰਚ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਖੇਤੀਬਾੜੀ ਵਿਭਾਗ ਸਮਰਾਲਾ ਦੇ ਅਧਿਕਾਰੀ ਕੁਲਦੀਪ ਸਿੰਘ ਸੇਖੋਂ (53) ਜੋ ਕਿ ਟਾਟਾ ਪੰਚ ਚਲਾ ਰਿਹਾ ਸੀ ਦੀ ਮੌਤ ਹੋ ਗਈ। ਹਾਦਸੇ ਵਿੱਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਫਾਰਚੂਨਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸਮਰਾਲਾ ਵਿੱਚ ਤਾਇਨਾਤ ਖੇਤੀਬਾੜੀ ਅਫ਼ਸਰ ਕੁਲਦੀਪ ਸਿੰਘ ਸੇਖੋਂ ਆਪਣੇ ਪਿੰਡ ਤੋਂ ਡਿਊਟੀ ਲਈ ਜਾ ਰਿਹਾ ਸੀ। ਰਸਤੇ ਵਿੱਚ ਉਸਦੀ ਕਾਰ ਸਾਹਮਣੇ ਤੋਂ ਆ ਰਹੇ ਇੱਕ ਫਾਰਚੂਨਰ ਨਾਲ ਟਕਰਾ ਗਈ। ਹਾਦਸੇ ਵਿੱਚ ਕੁਲਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਖੰਨਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਚੌਕੀ ਬਰਧਾਲਾ ਦੇ ਏਐਸਆਈ ਪਰਮਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

