ਲੁਧਿਆਣਾ : ਲੁਧਿਆਣਾ ਦੇ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਸ਼ੁੱਕਰਵਾਰ ਨੂੰ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਤੋੜ ਦਿੱਤਾ। ਇਹ ਨੀਂਹ ਪੱਥਰ ਗੋਗੀ ਨੇ ਖੁਦ ਰੱਖਿਆ ਸੀ, ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਵੀ ਲਿਖਿਆ ਹੋਇਆ ਹੈ। ਇਸ ਨੀਂਹ ਪੱਥਰ ਨੂੰ ਤੋੜਦਿਆਂ ਗੋਗੀ ਨੇ ਨਗਰ ਨਿਗਮ, ਪੀ.ਪੀ.ਸੀ.ਬੀ. ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਖਿਲਾਫ ਆਪਣਾ ਗੁੱਸਾ ਕੱਢਿਆ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਟੈਕਸ ਵਜੋਂ ਦਿੱਤੇ ਗਏ ਕਰੀਬ 650 ਕਰੋੜ ਰੁਪਏ ਖਰਚ ਕਰਨ ਦੇ ਬਾਵਜੂਦ ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਹੱਲ ਨਹੀਂ ਹੋਈ, ਜਿਸ ਕਾਰਨ ਬੁੱਢੇ ਨਾਲੇ ਦੇ ਨਾਲ ਲੱਗਦੇ ਮਾਲਵਾ ਅਤੇ ਰਾਜਸਥਾਨ ਦੇ ਲੋਕ ਮਾਰੂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਕਾਰਨ ਸਰਕਾਰ ਦੀ ਬਦਨਾਮੀ ਹੋ ਰਹੀ ਹੈ, ਜਿਸ ਦੇ ਮੱਦੇਨਜ਼ਰ ਉਹ ਆਪਣੇ ਵੱਲੋਂ ਰੱਖੇ ਨੀਂਹ ਪੱਥਰ ਨੂੰ ਤੋੜਨ ਲਈ ਮਜਬੂਰ ਹੋਏ ਹਨ। ਗੋਗੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਦੀ ਲੋਕਲ ਬਾਡੀ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦੇ ਪ੍ਰਾਜੈਕਟ ’ਤੇ ਖਰਚੇ ਗਏ ਫੰਡਾਂ ਦੀ ਵਿਜੀਲੈਂਸ ਜਾਂਚ ਦੀ ਸਿਫਾਰਿਸ਼ ਕੀਤੀ ਸੀ।