ਲੁਧਿਆਣਾ: ਸਾਹਨੇਵਾਲ ਪੁਲ 'ਤੇ ਵਾਪਰੇ ਹਾਦਸੇ ਵਿੱਚ ਇੱਕ ਬੈਂਕ ਮੁਲਾਜ਼ਮ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਬੈਂਕ ਮੁਲਾਜ਼ਮ ਆਪਣੇ ਮੋਟਰਸਾਈਕਲ ’ਤੇ ਦੋਰਾਹਾ ਤੋਂ ਨੂਰਵਾਲਾ ਰੋਡ ’ਤੇ ਆਪਣੇ ਘਰ ਨੂੰ ਜਾ ਰਿਹਾ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਹਵਾ ਵਿੱਚ ਉਛਲ ਕੇ 100 ਮੀਟਰ ਦੂਰ ਜਾ ਡਿੱਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਹਾਦਸੇ 'ਚ ਜ਼ਖਮੀ ਵਿਅਕਤੀ ਨੂੰ ਖੂਨ ਨਾਲ ਲੱਥਪੱਥ ਹਾਲਤ 'ਚ ਹਸਪਤਾਲ ਪਹੁੰਚਾਇਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੰਦਰਸ਼ੇਖਰ (55) ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਚੰਦਰਸ਼ੇਖਰ ਇੱਕ ਨਿੱਜੀ ਬੈਂਕ ਵਿੱਚ ਨੌਕਰੀ ਕਰਦਾ ਸੀ। ਜਦੋਂ ਉਹ ਬੈਂਕ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।