ਜਲੰਧਰ : ਜਲੰਧਰ 'ਚ ਨਗਰ ਨਿਗਮ ਦੇ ਅਧਿਕਾਰੀਆਂ ਨੇ ਕੰਮ ਬੰਦ ਕਰਕੇ ਹੜਤਾਲ ਕੀਤੀ ਹੈ। ਜਾਣਕਾਰੀ ਅਨੁਸਾਰ ਇਸ ਦੌਰਾਨ ਸਾਰੇ ਦਫ਼ਤਰੀ ਕੰਮਕਾਜ ਠੱਪ ਕਰ ਦਿੱਤੇ ਗਏ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਨਗਰ ਨਿਗਮ ਕਮਿਸ਼ਨਰ ਨੇ ਨਗਰ ਨਿਗਮ ਦੇ ਕਈ ਅਧਿਕਾਰੀਆਂ ਨੂੰ ਸਵੀਪਰ ਵਜੋਂ ਕੰਮ ਕਰਨ ਲਈ ਭੇਜਣ ਦੇ ਹੁਕਮ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਨਿਗਮ ਅਧਿਕਾਰੀਆਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ। ਇਹ ਹੜਤਾਲ ਨਗਰ ਨਿਗਮ ਅਫ਼ਸਰ ਯੂਨੀਅਨ ਵੱਲੋਂ ਕੀਤੀ ਗਈ ਹੈ। ਵਰਨਣਯੋਗ ਹੈ ਕਿ ਕੂੜਾ ਸਾਫ ਕਰਨ ਲਈ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਸੀ। ਇਸੇ ਗੁੱਸੇ ਦੇ ਚੱਲਦਿਆਂ ਅੱਜ ਨਗਰ ਨਿਗਮ ਅਧਿਕਾਰੀਆਂ ਵੱਲੋਂ ਨਗਰ ਨਿਗਮ ਦਫ਼ਤਰ ਵਿੱਚ ਨਿਗਮ ਕਮਿਸ਼ਨਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਨਿਗਮ ਕਮਿਸ਼ਨਰ ਵੱਲੋਂ ਦਿੱਤੇ ਹੁਕਮਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਹੜਤਾਲ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਲਈ ਨਿਗਮ ਕਮਿਸ਼ਨਰ ਜ਼ਿੰਮੇਵਾਰ ਹੋਵੇਗਾ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਿਭਾਗ ਦਾ ਕੰਮ ਦੇਣ ਦੀ ਬਜਾਏ ਉਨ੍ਹਾਂ ਨੂੰ ਕਿਸੇ ਹੋਰ ਵਿਭਾਗ ਦਾ ਕੰਮ ਦਿੱਤਾ ਜਾ ਰਿਹਾ ਹੈ। ਜੇਕਰ ਉਨ੍ਹਾਂ ਨੂੰ ਉਨ੍ਹਾਂ ਦੇ ਵਿਭਾਗ ਦਾ ਕੰਮ ਦਿੱਤਾ ਜਾਵੇ ਤਾਂ ਉਹ ਖੁਸ਼ੀ-ਖੁਸ਼ੀ ਇਹ ਕੰਮ ਕਰਨਗੇ। ਧਰਨਾਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹਾ ਕੰਮ ਕਰਨ ਲਈ ਭੇਜਿਆ ਜਾ ਰਿਹਾ ਹੈ ਜੋ ਉਨ੍ਹਾਂ ਨੇ ਕਦੇ ਨਹੀਂ ਕੀਤਾ।

