ਅੰਮ੍ਰਿਤਸਰ: ਪੰਜਾਬ ਭਰ 'ਚ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਾਹਮਣੇ ਆਇਆ ਹੈ, ਜਿੱਥੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਈ ਇੱਕ ਵਿਦੇਸ਼ੀ ਔਰਤ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ।
ਪੀੜਤਾ ਦਾ ਕਹਿਣਾ ਹੈ ਕਿ ਉਹ ਇਜ਼ਰਾਈਲ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਈ ਸੀ। ਇਸ ਦੌਰਾਨ ਜਦੋਂ ਵਿਦੇਸ਼ੀ ਔਰਤ ਰਿਟਰੀਟ ਸਮਾਰੋਹ ਦੇਖਣ ਬਾਘਾ ਬਾਰਡਰ ਜਾ ਰਹੀ ਸੀ ਤਾਂ ਰਸਤੇ 'ਚ ਲੁਟੇਰਿਆਂ ਨੇ ਉਸ ਨੂੰ ਨਿਸ਼ਾਨਾ ਬਣਾਇਆ। ਔਰਤ ਦਾ ਕਹਿਣਾ ਹੈ ਕਿ ਲੁਟੇਰਿਆਂ ਨੇ ਪਹਿਲਾਂ ਵਿਦੇਸ਼ੀ ਔਰਤ ਤੋਂ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਲੁਟੇਰੇ ਫੋਨ ਲੈਣ 'ਚ ਅਸਫਲ ਰਹੇ ਤਾਂ ਉਹ ਵਿਦੇਸ਼ੀ ਔਰਤ ਦਾ ਬੈਗ ਲੈ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਜਦੋਂ ਮੋਟਰਸਾਈਕਲ 'ਤੇ ਸਵਾਰ ਤਿੰਨ ਲੁਟੇਰੇ ਇਸ ਘਟਨਾ ਨੂੰ ਅੰਜਾਮ ਦੇ ਰਹੇ ਸਨ ਤਾਂ ਉਹ ਚੱਲਦੇ ਆਟੋ ਤੋਂ ਹੇਠਾਂ ਡਿੱਗ ਗਈ। ਜਿਸ ਕਾਰਨ ਉਸ ਨੂੰ ਸੱਟ ਲੱਗ ਗਈ।
ਘਟਨਾ ਤੋਂ ਬਾਅਦ ਪੀੜਤਾ ਨੇ ਥਾਣੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ। ਵਿਦੇਸ਼ੀ ਔਰਤ ਦਾ ਕਹਿਣਾ ਹੈ ਕਿ ਉਸ ਦੇ ਬੈਗ ਵਿਚ ਪਾਸਪੋਰਟ ਅਤੇ ਹੋਰ ਕੀਮਤੀ ਚੀਜ਼ਾਂ ਹਨ। ਉਸ ਨੇ ਕਿਹਾ ਕਿ ਉਸ ਦਾ ਇਜ਼ਰਾਈਲ ਵਿਚ ਇਲਾਜ ਚੱਲ ਰਿਹਾ ਹੈ। ਉਸ ਨੂੰ ਜਲਦੀ ਵਾਪਸ ਜਾਣਾ ਹੈ, ਪਰ ਉਸ ਤੋਂ ਪਹਿਲਾਂ ਹੀ ਉਸ ਨੂੰ ਲੁੱਟ ਲਿਆ ਗਿਆ, ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਨ੍ਹਾਂ ਲੁਟੇਰਿਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

