ਮਾਨਸਾ : ਚੰਡੀਗੜ੍ਹ-ਸਿਰਸਾ ਕੌਮੀ ਰਾਜਮਾਰਗ ਨੂੰ ਕੁਝ ਵਿਅਕਤੀਆਂ ਵੱਲੋਂ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ। ਇਸ ਕਾਰਨ ਇਸ ਮਾਰਗ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਦਰਅਸਲ ਮਾਨਸਾ ਜ਼ਿਲ੍ਹੇ ਦੇ ਅਤਲਾ ਖੁਰਦ ਵਿੱਚ ਇੱਕ 45 ਸਾਲਾ ਵਿਅਕਤੀ ਦੀ ਕੁੱਟ-ਕੁੱਟ ਕਰ ਕੇ ਹੱਤਿਆ ਕਰ ਦਿੱਤੀ ਗਈ। ਇਨਸਾਫ਼ ਨਾ ਮਿਲਣ ਨੂੰ ਦੇਖਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਹਾਈਵੇਅ ’ਤੇ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਬਹੁਤ ਢਿੱਲਮੱਠ ਵਾਲੀ ਕਾਰਵਾਈ ਕੀਤੀ ਹੈ। ਇਸ ਕਾਰਨ ਉਹ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਪ੍ਰਸ਼ਾਸਨ ਤੋਂ ਇਨਸਾਫ਼ ਨਹੀਂ ਮਿਲਦਾ ਉਹ ਆਪਣਾ ਧਰਨਾ ਜਾਰੀ ਰੱਖਣਗੇ। ਸਰਪੰਚ ਬਲਜੀਤ ਸਿੰਘ ਨੇ ਕਿਹਾ ਕਿ ਪੀੜਤ ਨੂੰ ਇਨਸਾਫ਼ ਮਿਲਣ ਤੱਕ ਧਰਨਾ ਜਾਰੀ ਰਹੇਗਾ। ਫਿਲਹਾਲ ਪ੍ਰਸ਼ਾਸਨ ਧਰਨਾਕਾਰੀਆਂ ਨਾਲ ਗੱਲਬਾਤ ਕਰ ਰਿਹਾ ਹੈ।

