ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ 27 ਸਤੰਬਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਮੁਫਤ ਕਰਨ ਦਾ ਐਲਾਨ ਕੀਤਾ ਹੈ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਨੈਸ਼ਨਲ ਹਾਈਵੇ 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਹੋਈ।
ਮੀਟਿੰਗ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ। ਮੀਟਿੰਗ ਦੌਰਾਨ ਟੋਲ ਪਲਾਜ਼ਾ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੇ ਟੋਲ ਪਲਾਜ਼ਾ ਮੈਨੇਜਮੈਂਟ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਕੰਪਨੀ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਡਰਾਈਵਰ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।

