ਲੁਧਿਆਣਾ : ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਨਸ਼ਾ ਤਸਕਰ ਦੀ ਜ਼ਮਾਨਤ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲੇ ਨੰਬਰਦਾਰ, ਗਵਾਹ ਅਤੇ ਜ਼ਮਾਨਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਬੀਐਨਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਮਾਣਯੋਗ ਐਡੀਸ਼ਨਲ ਅਤੇ ਸੈਸ਼ਨ ਜੱਜ ਜਸਪਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕੀਤੀ ਹੈ।
ਉਕਤ ਮੁਲਜ਼ਮ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੀਆਰਪੀ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਸ਼ਾਮ ਲਾਲ ਉਰਫ਼ ਸ਼ਾਮਾ ਦੀ ਜ਼ਮਾਨਤ ਕਰਵਾਉਣ ਲਈ ਅਦਾਲਤ ਵਿੱਚ ਆਏ ਸਨ। ਈਸ਼ਰ ਸਿੰਘ ਨੇ ਅਦਾਲਤ ਵਿੱਚ ਜ਼ਮਾਨਤ ਦੇ ਦਸਤਾਵੇਜ਼ ਪੇਸ਼ ਕੀਤੇ। ਜਿਸ ਦੀ ਪੁਸ਼ਟੀ ਨੰਬਰਦਾਰ ਗੁਰਪ੍ਰੀਤ ਸਿੰਘ ਅਤੇ ਗਵਾਹ ਰੋਸ਼ਨ ਲਾਲ ਨੇ ਕੀਤੀ। ਮਾਨਯੋਗ ਹਾਈਕੋਰਟ ਵੱਲੋਂ ਜਦੋਂ ਉਸ ਦੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ ਤਾਂ ਉਸ ਦੇ ਦਸਤਾਵੇਜ਼ ਜਾਅਲੀ ਪਾਏ ਗਏ ਅਤੇ ਅਦਾਲਤ ਵੱਲੋਂ ਉਸ ਵਿਰੁੱਧ ਕੇਸ ਦਰਜ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

