ਚੰਡੀਗੜ੍ਹ: ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਗਾ ਤਹਿਸੀਲ ਧਰਮਕੋਟ ਅਧੀਨ ਪੈਂਦੇ ਪਿੰਡ ਕਿਸ਼ਨਪੁਰਾ ਕਲਾਂ ਵਿੱਚ ਚੋਣ ਪ੍ਰਕਿਰਿਆ 'ਤੇ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 11 ਅਕਤੂਬਰ ਨੂੰ ਹੋਵੇਗੀ।
ਇਸ ਪਿੰਡ ਤੋਂ ਸਰਪੰਚ ਦੀ ਚੋਣ ਲੜਨ ਦੇ ਚਾਹਵਾਨ ਰਾਕੇਸ਼ ਕੁਮਾਰ ਸ਼ਰਮਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਾਜ ਚੋਣ ਕਮਿਸ਼ਨ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਕਰਤਾ ਨੇ ਦੱਸਿਆ ਕਿ ਉਸਨੇ ਕਿਸ਼ਨਪੁਰਾ ਕਲਾਂ ਤੋਂ ਸਰਪੰਚ ਲਈ ਕਾਗਜ਼ ਦਾਖਲ ਕੀਤੇ ਸਨ। ਰਸੀਦ ਨਾ ਮਿਲਣ 'ਤੇ ਜਦੋਂ ਉਸ ਨੇ ਸਬੰਧਤ ਅਧਿਕਾਰੀ ਕੋਲ ਪਹੁੰਚ ਕੀਤੀ ਤਾਂ ਉਸ ਨੇ ਇਹ ਕਹਿੰਦੇ ਹੋਏ ਰਸੀਦ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਸ ਦੇ ਕਾਗਜ਼ਾਤ ਗੁੰਮ ਹੋ ਗਏ ਹਨ।
ਪਟੀਸ਼ਨਕਰਤਾ ਨੇ ਇਸ ਨੂੰ ਸੰਵਿਧਾਨ ਦੀ ਉਲੰਘਣਾ ਦੱਸਿਆ ਹੈ ਅਤੇ ਹਾਈ ਕੋਰਟ ਤੋਂ ਗ੍ਰਾਮ ਪੰਚਾਇਤ ਵਿੱਚ ਸਰਪੰਚ ਦੀ ਚੋਣ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇਸ 'ਤੇ ਹਾਈ ਕੋਰਟ ਵੱਲੋਂ ਪੰਜਾਬ ਦੇ ਡੀਏਜੀ ਨੂੰ ਨੋਟਿਸ ਸੌਂਪਿਆ ਗਿਆ ਹੈ ਅਤੇ 11 ਅਕਤੂਬਰ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਦੋਂ ਤੱਕ ਇਸ ਪਿੰਡ ਵਿੱਚ ਚੋਣ ਪ੍ਰਕਿਰਿਆ 'ਤੇ ਪਾਬੰਦੀ ਹੈ।

