ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਨੇ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਤੋਂ ਕੱਢ ਦਿੱਤਾ ਹੈ। ਭਾਜਪਾ ਨੇ ਸਤਿਕਾਰ ਕੌਰ 'ਤੇ 6 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਸਤਿਕਾਰ ਕੌਰ 2017 ਤੋਂ 2022 ਤੱਕ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੀ ਹੈ। ਕੱਲ੍ਹ ਉਸ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਅਦਾਲਤ 'ਚ ਪੇਸ਼ ਹੋਣ ਤੋਂ ਪਹਿਲਾਂ ਸਤਿਕਾਰ ਕੌਰ ਨੇ ਕਿਹਾ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਬਰਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਚੈਕਿੰਗ ਦੌਰਾਨ ਰੋਕਿਆ। ਇਸ ਦੌਰਾਨ ਪੁਲਿਸ ਨੇ ਮੌਕੇ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਏਐਨਟੀਐਫ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਬਾਅਦ ਖਰੜ, ਸੰਨੀ ਐਨਕਲੇਵ ਵਿਖੇ ਸਤਿਕਾਰ ਕੌਰ ਦੇ ਘਰ ਦੀ ਤਲਾਸ਼ੀ ਲਈ ਗਈ, ਜਿੱਥੇ 28 ਗ੍ਰਾਮ ਚਿੱਟਾ ਅਤੇ ਛੋਟੇ ਪੈਕੇਟਾਂ ਵਿੱਚ ਨਕਦੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਦਿੱਲੀ ਅਤੇ ਹਰਿਆਣਾ ਦੀਆਂ 4 ਗੱਡੀਆਂ, ਕੁਝ ਗਹਿਣੇ, 5 ਵੱਖ-ਵੱਖ ਨੰਬਰ ਪਲੇਟਾਂ ਬਰਾਮਦ ਕੀਤੀਆਂ ਗਈਆਂ ਹਨ।