ਪੰਜਾਬ ਡੈਸਕ : ਪੰਜਾਬ ਸਰਕਾਰ ਨੇ ਸੂਬੇ ਦੇ 5 ਵੈਟਰਨਰੀ ਡਾਕਟਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਲੰਬੇ ਸਮੇਂ ਤੋਂ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫਸਰਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਹਨ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੱਡੀਆ ਦੀਆਂ ਹਦਾਇਤਾਂ 'ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜ ਵੈਟਰਨਰੀ ਅਫਸਰਾਂ ਡਾ. ਗੁਰਪ੍ਰੀਤ ਸਿੰਘ, ਡਾ. ਅਨੁਪ੍ਰੀਤ ਕੌਰ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਬੱਲ ਨੂੰ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਫਸਰ ਪਿਛਲੇ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ ਹਾਜ਼ਰ ਸਨ। ਗੁਰਮੀਤ ਸਿੰਘ ਖੱਡਰੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਛੁੱਟੀ ਮਨਜ਼ੂਰ ਕੀਤੇ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

