ਜੇਲ 'ਚ ਬੰਦ ਗੈਂਗਸਟਰ ਲਾਰੈਂਸ ਦੇ ਇੰਟਰਵਿਊ ਮਾਮਲੇ 'ਚ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਗੈਂਗਸਟਰ ਲਾਰੈਂਸ ਦੇ ਇੰਟਰਵਿਊ ਮਾਮਲੇ 'ਚ ਹਾਈ ਕੋਰਟ ਸਖਤ ਨਜ਼ਰ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਖਰੜ ਜੇਲ੍ਹ ਵਿੱਚ ਗੈਂਗਸਟਰ ਲਾਰੈਂਸ ਦੇ ਟੀਵੀ ਇੰਟਰਵਿਊ 'ਤੇ ਸੁਣਵਾਈ ਕੀਤੀ। ਇਸ ਦੌਰਾਨ ਅਦਾਲਤ ਨੇ ਮੋਹਾਲੀ ਦੇ ਤਤਕਾਲੀ ਐਸਐਸਪੀ ਨੂੰ ਮੁਅੱਤਲ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਇਕ ਅਧਿਕਾਰੀ ਦੀ ਰੱਖਿਆ ਕਿਉਂ ਕੀਤੀ ਜਾ ਰਹੀ ਹੈ। ਐਸਐਸਪੀ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ, ਉਸ ਨੂੰ ਕਿਉਂ ਬਚਾਇਆ ਜਾ ਰਿਹਾ ਹੈ? ਇਸ ਦੇ ਨਾਲ ਹੀ ਹਾਈ ਕੋਰਟ ਨੇ ਕਿਹਾ ਕਿ ਅਗਲੀ ਸੁਣਵਾਈ ਤੱਕ ਸਾਰੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ, ਜਿਸ 'ਚ ਗ੍ਰਹਿ ਵਿਭਾਗ ਦੇ ਸਕੱਤਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਸੁਣਵਾਈ ਦੌਰਾਨ ਹਾਈ ਕੋਰਟ ਨੇ ਇਹ ਵੀ ਕਿਹਾ ਕਿ ਜਦੋਂ ਲਾਰੈਂਸ ਦੀ ਇੰਟਰਵਿਊ ਕੀਤੀ ਗਈ ਸੀ ਤਾਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਸੀ ਕਿ ਪੰਜਾਬ ਵਿੱਚ ਅਜਿਹਾ ਨਹੀਂ ਹੋਇਆ। ਇਹ ਸਭ ਕਿਸ ਆਧਾਰ 'ਤੇ ਕਿਹਾ ਗਿਆ ਸੀ? ਅਦਾਲਤ ਨੇ ਉਸ ਪ੍ਰੈਸ ਕਾਨਫਰੰਸ ਦੀ ਟ੍ਰਾਂਸਕ੍ਰਿਪਟ ਵੀ ਮੰਗੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਜ਼ਿੰਮੇਵਾਰ ਅਧਿਕਾਰੀਆਂ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ 9 ਬਟਾਲੀਅਨ), ਡੀਐਸਪੀ ਸਮਰ ਵਨੀਥ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ), ਸਬ ਇੰਸਪੈਕਟਰ ਜਗਤਪਾਲ ਜੰਗੂ (ਏਜੀਟੀਐਫ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਇੰਟਰਵਿਊ ਮਾਮਲੇ 'ਚ ਐਸਆਈਟੀ ਦੀ ਰਿਪੋਰਟ ਮੁਤਾਬਕ ਇਹ 3 ਅਤੇ 4 ਸਤੰਬਰ 2023 ਨੂੰ ਹੋਇਆ ਹੈ। ਇਸ ਦੌਰਾਨ ਲਾਰੈਂਸ ਖਰੜ ਜੇਲ੍ਹ ਵਿੱਚ ਬੰਦ ਸੀ ਅਤੇ ਦੂਜਾ ਇੰਟਰਵਿਊ ਜੈਪੁਰ ਦੀ ਕੇਂਦਰੀ ਜੇਲ੍ਹ ਵਿੱਚ ਹੋਇਆ ਸੀ।

