ਚੰਡੀਗੜ: ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਰਾਹ ਸਾਫ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦਾਇਰ ਕਰਦਿਆਂ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ 11 ਨਵੰਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਪੰਜਾਬ ਵਿੱਚ ਨਗਰ ਨਿਗਮਾਂ ਅਤੇ ਕੌਂਸਲਾਂ ਲਈ ਚੋਣ ਪ੍ਰਕਿਰਿਆ 25 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ ਨਤੀਜੇ ਵੀ ਨਿਰਧਾਰਤ 8 ਹਫਤਿਆਂ ਦੇ ਅੰਦਰ ਐਲਾਨੇ ਜਾਣਗੇ।
ਚੋਣਾਂ ਨਾ ਕਰਵਾਉਣ 'ਤੇ ਹਾਈ ਕੋਰਟ ਵੱਲੋਂ ਜਾਰੀ ਮਾਣਹਾਨੀ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਗਈ ਸਰਕਾਰ ਨੂੰ ਉੱਥੋਂ ਵੀ ਰਾਹਤ ਨਹੀਂ ਮਿਲੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੁਈਆਂ ਦੇ ਬੈਂਚ ਨੇ ਕਿਹਾ ਕਿ ਸੂਬੇ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਚੋਣ ਪ੍ਰਕਿਰਿਆ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਸ਼ੁਰੂ ਹੋ ਜਾਣੀ ਚਾਹੀਦੀ ਸੀ, ਜੋ ਨਹੀਂ ਕੀਤੀ ਗਈ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ 6 ਨਵੰਬਰ ਨੂੰ ਮਾਣਹਾਨੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸਰਕਾਰ ਨੂੰ 15 ਦਿਨਾਂ ਦੇ ਅੰਦਰ ਮਿਊਂਸਪਲ ਅਤੇ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਦਾ ਆਦੇਸ਼ ਦਿੱਤਾ ਸੀ।
ਹਾਈ ਕੋਰਟ ਨੇ ਮਲੇਰਕੋਟਲਾ ਦੇ ਵਸਨੀਕ ਬੇਅੰਤ ਸਿੰਘ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ ਸਨ ਪਰ 29 ਅਕਤੂਬਰ ਨੂੰ ਸਮਾਂ ਸੀਮਾ ਖਤਮ ਹੋਣ ਦੇ ਬਾਅਦ ਵੀ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ, ਜਿਸ ਲਈ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ। ਮਾਣਹਾਨੀ ਪਟੀਸ਼ਨ ਦੇ ਖਿਲਾਫ ਸਰਕਾਰ ਸੁਪਰੀਮ ਕੋਰਟ ਗਈ, ਜਿੱਥੇ ਸਰਕਾਰ ਨੇ ਚੋਣਾਂ ਲਈ ਸਮਾਂ ਮੰਗਿਆ ਸੀ ਪਰ ਉੱਥੇ ਵੀ ਨਿਰਾਸ਼ਾ ਦੇਖਣ ਨੂੰ ਮਿਲੀ। ਹੁਣ ਹਾਈ ਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ਤੋਂ ਬਾਅਦ ਇਸ ਸਬੰਧ ਵਿੱਚ ਦਾਇਰ ਕੀਤੀ ਗਈ ਮਾਣਹਾਨੀ ਪਟੀਸ਼ਨ ਦਾ ਵੀ ਨਿਪਟਾਰਾ ਕਰ ਦਿੱਤਾ ਹੈ।

