ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਸਬ ਇੰਸਪੈਕਟਰ (ਏ.ਐਸ.ਆਈ.) ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਦੋਸ਼ੀ ਨੇ ਹੇਠਲੀ ਅਦਾਲਤ ਵਿੱਚ ਵਿਚਾਰ ਅਧੀਨ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਮੰਗੀ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਥਾਣੇ ਵਿੱਚ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਸਬ-ਇੰਸਪੈਕਟਰ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਜਾਂਚ ਜਾਰੀ ਹੈ।

