ਬਰਨਾਲਾ : ਸਥਾਨਕ ਅਨਾਜ ਮੰਡੀ ਧਨੌਲਾ 'ਚ ਬੁੱਧਵਾਰ ਦੇਰ ਰਾਤ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਧਨੌਲਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਉਰਫ ਮੈਗਲ (22) ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਦਾਨਗੜ੍ਹ ਰੋਡ ਅਤੇ 2 ਭੈਣਾਂ ਦਾ ਇਕਲੌਤਾ ਭਰਾ ਸੀ। ਬੁੱਧਵਾਰ ਰਾਤ ਕਰੀਬ 9.30 ਵਜੇ ਪਰਿਵਾਰ ਨੂੰ ਸੂਚਨਾ ਮਿਲੀ ਕਿ ਮਨਪ੍ਰੀਤ ਸਿੰਘ ਅਨਾਜ ਮੰਡੀ ਨੇੜੇ ਜ਼ਖਮੀ ਹਾਲਤ 'ਚ ਪਿਆ ਹੈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨਪ੍ਰੀਤ ਸਿੰਘ ਰਾਤ ਨੂੰ ਇੱਕ ਵਿਆਹ ਸਮਾਰੋਹ ਵਿੱਚ ਗਿਆ ਸੀ। ਉਥੇ ਡਾਂਸ ਕਰਦੇ ਸਮੇਂ ਉਸ ਦਾ ਕਰਨ ਸਿੰਘ ਨਾਂ ਦੇ ਨੌਜਵਾਨ ਨਾਲ ਝਗੜਾ ਹੋ ਗਿਆ। ਇਸ ਤੋਂ ਬਾਅਦ ਦੋਵੇਂ ਅਨਾਜ ਮੰਡੀ 'ਚ ਚਲੇ ਗਏ। ਅਨਾਜ ਮੰਡੀ 'ਚ ਕਰਨ ਸਿੰਘ ਨੇ ਮਨਪ੍ਰੀਤ ਨੂੰ ਧਮਕੀ ਦਿੱਤੀ ਅਤੇ ਕਿਹਾ ਕਿ ਉਹ ਉਸ ਦੇ ਪਿਤਾ ਨੂੰ ਬੁਲਾ ਰਿਹਾ ਹੈ। ਕੁਝ ਦੇਰ ਬਾਅਦ ਕਰਨ ਸਿੰਘ ਦੇ ਪਿਤਾ ਚਮਕੀਲਾ ਸਿੰਘ ਉੱਥੇ ਪਹੁੰਚੇ। ਪੁਲਿਸ ਅਨੁਸਾਰ ਦੋਵਾਂ ਨੇ ਕਥਿਤ ਤੌਰ 'ਤੇ ਮਨਪ੍ਰੀਤ 'ਤੇ ਹਮਲਾ ਕੀਤਾ ਅਤੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਇਸ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਫਿਲਹਾਲ ਦੋਸ਼ੀ ਦੀ ਭਾਲ ਜਾਰੀ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

