ਬਠਿੰਡਾ: ਪੰਜਾਬ 'ਚ ਗੁੰਡਾ ਅਨਸਰਾਂ ਵੱਲੋਂ ਫਿਰੌਤੀ ਮੰਗਣ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ, ਇਕ ਤੋਂ ਬਾਅਦ ਇਕ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚ ਗੈਂਗਸਟਰਾਂ ਅਤੇ ਗੁੰਡਾ ਅਨਸਰਾਂ ਵੱਲੋਂ ਆਮ ਲੋਕਾਂ ਨੂੰ ਫਿਰੌਤੀ ਦੀ ਧਮਕੀ ਦਿੱਤੀ ਜਾ ਰਹੀ ਹੈ। ਉਥੇ ਹੀ ਅਜਿਹਾ ਹੀ ਇਕ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਸੇਵਾਮੁਕਤ ਅਧਿਆਪਕ ਤੋਂ ਲੱਖਾਂ ਰੁਪਏ ਦੀ ਫਿਰੌਤੀ ਮੰਗੀ ਗਈ ਅਤੇ ਜਦੋਂ ਅਧਿਆਪਕ ਨੇ ਬਦਮਾਸ਼ਾਂ ਦੀ ਮੰਗ ਪੂਰੀ ਨਹੀਂ ਕੀਤੀ ਤਾਂ ਬੀਤੇ ਦਿਨ ਉਸ ਦੇ ਘਰ 'ਤੇ ਫਾਇਰਿੰਗ ਕਰ ਦਿੱਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਦਸਮੇਸ਼ ਨਗਰ ਦੇ ਵਸਨੀਕ ਇੱਕ ਸੇਵਾਮੁਕਤ ਅਧਿਆਪਕ ਤੋਂ ਕੁਝ ਨੌਜਵਾਨਾਂ ਨੇ ਲੱਖਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ, ਜਦੋਂ ਸਾਬਕਾ ਅਧਿਆਪਕ ਨੇ ਫਿਰੌਤੀ ਨਹੀਂ ਦਿੱਤੀ ਤਾਂ ਮੁਲਜ਼ਮਾਂ ਨੇ ਉਸ ਨੂੰ ਡਰਾਉਣ ਲਈ ਮੰਗਲਵਾਰ ਨੂੰ ਉਸ ਦੇ ਘਰ ਦੇ ਗੇਟ 'ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਰਾਮਪੁਰਾ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ 'ਤੇ ਕੁਝ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਇਸ ਸਬੰਧ ਵਿੱਚ ਪੁਲਿਸ ਆਉਣ ਵਾਲੇ ਦਿਨਾਂ ਵਿੱਚ ਵੱਡੇ ਖੁਲਾਸੇ ਕਰ ਸਕਦੀ ਹੈ।