ਅੰਮ੍ਰਿਤਸਰ: ਅੰਮ੍ਰਿਤਸਰ 'ਚ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਅਜਨਾਲਾ ਦੀ ਪੁਲਿਸ ਨੇ ਇਨਪੁਟ ਦੇ ਆਧਾਰ 'ਤੇ ਕੀਤੀ ਨਾਕਾਬੰਦੀ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਰਿਵਾਲਵਰ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਜਦੋਂ ਪੁਲਿਸ ਨੇ ਸ਼ੱਕੀ ਹਾਲਤ ਵਿੱਚ ਆ ਰਹੇ ਇੱਕ ਵਾਹਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋ ਨੌਜਵਾਨ ਉਸ ਵਿੱਚੋਂ ਭੱਜ ਗਏ, ਜਦਕਿ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਜਾਂਚ ਲਈ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੱਖਣ ਸਿੰਘ, ਸੱਜਣ ਸਿੰਘ ਅਤੇ ਵਿਲੀਅਮ ਵਜੋਂ ਹੋਈ ਹੈ।
ਤਲਾਸ਼ੀ ਦੌਰਾਨ ਕਾਰ ਵਿਚੋਂ 4.66 ਕਿਲੋ ਹੈਰੋਇਨ, 32 ਬੋਰ ਦਾ ਇਕ ਰਿਵਾਲਵਰ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ, ਜਿਸ 'ਤੇ ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੌਕੇ ਤੋਂ ਫਰਾਰ ਹੋਏ ਮੁਲਜ਼ਮਾਂ ਦੀ ਪਛਾਣ ਹਰਪਾਲ ਸਿੰਘ ਪਾਲਾ ਅਤੇ ਗੁਰਸੇਵਕ ਸਿੰਘ ਸੇਵਕ ਵਜੋਂ ਹੋਈ ਹੈ। ਇਹ ਜਾਣਕਾਰੀ ਥਾਣਾ ਮੁਖੀ ਇੰਸਪੈਕਟਰ ਸਤਪਾਲ ਸਿੰਘ ਨੇ ਦਿੱਤੀ। ਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਜਾਂਚ ਲਈ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ, ਜਦਕਿ ਦੂਜੇ ਪਾਸੇ ਪੁਲਿਸ ਦੋਵਾਂ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਦੀ ਸਪਲਾਈ ਦੇ ਟਿਕਾਣੇ ਦੀ ਵੀ ਪਛਾਣ ਕਰ ਲਈ ਜਾਵੇਗੀ।

