ਮੋਗਾ: ਪੰਜਾਬ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਸ਼ਰੀ ਵਿੱਚ ਇੱਕ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਦੁਖਦਾਈ ਮੌਤ ਹੋ ਗਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਰੇਲ ਗੱਡੀ ਦੀ ਟੱਕਰ ਤੋਂ ਬਾਅਦ ਨੌਜਵਾਨ ਦਾ ਸਿਰ ਧੜ ਤੋਂ ਵੱਖ ਹੋ ਗਿਆ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਚੋਟੀਆਂ ਕਲਾਂ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।