ਬਟਾਲਾ: ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਬਟਾਲਾ ਡਿਪੂ ਵਿਖੇ ਸੂਬਾ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਖੇਤਰੀ ਸਲਾਹਕਾਰ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ 3 ਸਾਲ ਬੀਤ ਚੁੱਕੇ ਹਨ ਪਰ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਅਜੇ ਤੱਕ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵਿੱਚ 400 ਤੋਂ ਵੱਧ ਬੱਸਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਇੱਕ ਵੀ ਨਵੀਂ ਬੱਸ ਸ਼ਾਮਲ ਨਹੀਂ ਕੀਤੀ ਹੈ।
ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਗੋਰਾਇਆ, ਡਿਪੂ ਪ੍ਰਧਾਨ ਪਰਮਜੀਤ ਸਿੰਘ, ਸਕੱਤਰ ਜਗਦੀਪ ਸਿੰਘ, ਕੈਸ਼ੀਅਰ ਗੌਰਵ ਕੁਮਾਰ, ਮੀਤ ਪ੍ਰਧਾਨ ਜਗਰੂਪ ਸਿੰਘ, ਵਰਕਸ਼ਾਪ ਪ੍ਰਧਾਨ ਅਵਤਾਰ ਸਿੰਘ ਅਤੇ ਪਰਗਟ ਸਿੰਘ ਨੇ ਕਿਹਾ ਕਿ 1 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਜਥੇਬੰਦੀ ਨਾਲ ਮੀਟਿੰਗ ਕੀਤੀ ਸੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਯੂਨੀਅਨ ਦੀਆਂ ਮੰਗਾਂ ਇਕ ਮਹੀਨੇ ਦੇ ਅੰਦਰ-ਅੰਦਰ ਹੱਲ ਕਰ ਦਿੱਤੀਆਂ ਜਾਣਗੀਆਂ ਅਤੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਸਰਕਾਰ ਅਤੇ ਵਿਭਾਗ ਨੇ ਮੰਗਾਂ ਦੇ ਹੱਲ ਲਈ ਕੋਈ ਪਹਿਲ ਕਦਮੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ 2 ਜਨਵਰੀ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ 6-7-8 ਜਨਵਰੀ ਨੂੰ ਪੂਰੀ ਤਰ੍ਹਾਂ ਨਾਕਾਬੰਦੀ ਕੀਤੀ ਜਾਵੇਗੀ। 7 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਜਾਣਗੇ।

