ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਰਕਾਰੀ ਅਦਾਰਿਆਂ ਲਈ ਸਾਲ 2024-25 ਦੇ ਬਜਟ ਪ੍ਰਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੇ ਬਕਾਏ ਦੀ ਅਦਾਇਗੀ ਲਈ ਸਾਲ 2023-24 ਦੌਰਾਨ 366 ਕਰੋੜ ਰੁਪਏ ਜਾਰੀ ਕੀਤੇ ਸਨ। ਮੌਜੂਦਾ ਬਕਾਏ ਦੇ ਨਿਪਟਾਰੇ ਲਈ ਹੁਣ ਸਰਕਾਰੀ ਸੰਸਥਾਵਾਂ ਨੂੰ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਜਿਹੜੇ ਵਿਦਿਆਰਥੀ ਪੰਜਾਬ ਦੇ ਸਰਕਾਰੀ ਅਦਾਰਿਆਂ ਵਿੱਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਰਾਜਾਂ ਦੀਆਂ ਸੰਸਥਾਵਾਂ ਵਿੱਚ ਦਾਖਲਾ ਲਿਆ ਹੈ, ਉਨ੍ਹਾਂ ਦੇ ਸਿੱਖਿਆ ਖਰਚਿਆਂ ਲਈ ਬਕਾਏ ਜਾਰੀ ਕੀਤੇ ਜਾਣਗੇ। ਇਹ ਰਕਮ ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦਗਾਰ ਸਾਬਤ ਹੋਵੇਗੀ।

