ਲੁਧਿਆਣਾ: ਲੁਧਿਆਣਾ ਦੇ ਪੰਜਾਬੀ ਨੌਜਵਾਨ ਹਰਸ਼ਦੀਪ ਦਾ ਹਾਲ ਹੀ ਵਿੱਚ ਕੈਨੇਡਾ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ 20 ਸਾਲਾ ਹਰਸ਼ਦੀਪ ਕੈਨੇਡਾ 'ਚ ਐਡਮਿੰਟਨ ਅਪਾਰਟਮੈਂਟ ਦੀ ਇਮਾਰਤ 'ਚ ਸੁਰੱਖਿਆ ਗਾਰਡ ਦਾ ਕੰਮ ਕਰਦਾ ਸੀ, ਜਿਸ ਨੂੰ ਡਿਊਟੀ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਕੈਨੇਡੀਅਨ ਸਰਕਾਰ ਨੇ ਉਸ ਦੀ ਡਿਊਟੀ ਦੇ ਮੱਦੇਨਜ਼ਰ ਉਸ ਨੂੰ ਗਾਰਡ ਆਫ ਆਨਰ ਦਿੱਤਾ। ਉਥੇ ਹੀ ਹਰਸ਼ਦੀਪ ਸਿੰਘ ਦੀ ਮ੍ਰਿਤਕ ਦੇਹ ਐਤਵਾਰ ਨੂੰ ਅੰਤਿਮ ਸੰਸਕਾਰ ਲਈ ਭਾਰਤ ਲਿਆਂਦੀ ਗਈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਗਾਰਡ ਐਡਮੰਟਨ ਅਪਾਰਟਮੈਂਟ 'ਚ ਤਾਇਨਾਤ ਸੀ, ਜਿੱਥੇ ਉਸ ਦਾ ਕੁਝ ਲੋਕਾਂ ਨਾਲ ਝਗੜਾ ਹੋ ਗਿਆ ਅਤੇ ਉਸ ਨੂੰ ਗੋਲੀ ਮਾਰ ਦਿੱਤੀ। ਇਸ ਦੇ ਨਾਲ ਹੀ ਉਕਤ ਘਟਨਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ 'ਚ ਇਕ ਨੌਜਵਾਨ ਹਰਸ਼ਦੀਪ ਨੂੰ ਗੋਲੀ ਮਾਰਦਾ ਨਜ਼ਰ ਆ ਰਿਹਾ ਹੈ। ਹਰਸ਼ਦੀਪ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਕੈਨੇਡੀਅਨ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਇਵਾਨ ਰੇਨ ਅਤੇ ਜੂਡਿਥ ਸਾਲਟੋ ਨੂੰ ਗ੍ਰਿਫਤਾਰ ਕਰ ਲਿਆ ਹੈ।

