ਪੰਜਾਬ 'ਚ ਅਪਰਾਧਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਜਨਤਕ ਤੌਰ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਮੁਸਤਫਾਬਾਦ ਇਲਾਕੇ 'ਚ ਕੁਝ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਹਨ।
ਮੁਸਤਫਾਬਾਦ ਦੀ ਰਹਿਣ ਵਾਲੀ ਮਨਜੀਤ ਕੌਰ ਨੇ ਦੱਸਿਆ ਕਿ ਉਹ ਦੇਰ ਰਾਤ ਆਪਣੇ ਬੇਟੇ ਨਾਲ ਬਾਜ਼ਾਰ 'ਚ ਖੜ੍ਹੀ ਸੀ। ਇਸ ਦੌਰਾਨ ਕੁਝ ਨੌਜਵਾਨ ਉੱਥੇ ਆਏ, ਜੋ ਨਸ਼ਾ ਵੇਚਣ ਦਾ ਕੰਮ ਕਰਦੇ ਹਨ। ਇਸ ਦੌਰਾਨ ਔਰਤ ਦੇ ਬੇਟੇ ਨੇ ਨੌਜਵਾਨਾਂ ਨੂੰ ਨਸ਼ਾ ਵੇਚਣਾ ਬੰਦ ਕਰਨ ਅਤੇ ਸਿੱਖੀ ਵਿਚ ਸ਼ਾਮਲ ਹੋਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਵਿਚਾਲੇ ਝਗੜਾ ਹੋ ਗਿਆ ਅਤੇ ਇਹ ਵੇਖਦਿਆਂ ਹੀ ਹੋਰ ਨੌਜਵਾਨ ਉਥੇ ਆ ਗਏ ਅਤੇ ਗੋਲੀਆਂ ਚਲਾ ਦਿੱਤੀਆਂ। ਔਰਤ ਨੇ ਕਿਹਾ ਕਿ ਉਸਨੇ ਅਤੇ ਉਸਦੇ ਬੇਟੇ ਨੇ ਬਹੁਤ ਮੁਸ਼ਕਲ ਨਾਲ ਲੁਕ ਕੇ ਆਪਣੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।