ਤਰਨ ਤਾਰਨ : ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਤਰਨ ਤਾਰਨ ਜ਼ਿਲ੍ਹਾ ਪੁਲਿਸ ਨੇ 5 ਕਿਲੋ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਾਸੀ ਪਿੰਡ ਭਾਈ ਲੱਡੂ ਸਿੰਘ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਤਸਕਰ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਤਸਕਰਾਂ ਨਾਲ ਸਬੰਧ ਸਨ ਅਤੇ ਉਹ ਡਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਲਿਆਉਂਦਾ ਸੀ। ਤਸਕਰ ਨੇ ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਨਾ ਸੀ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਫੜ ਲਿਆ।

