ਪੰਜਾਬ ਵਿਜੀਲੈਂਸ ਨੇ ਥਾਣਾ ਸਿਟੀ-2 ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੇ ਫੱਤੂਢੀਂਗਾ ਦੀ ਵਸਨੀਕ ਗੁਰਜੀਤ ਕੌਰ ਦੀ ਸ਼ਿਕਾਇਤ 'ਤੇ ਪੁਲਿਸ ਮੁਲਾਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਦੋਸ਼ੀ ਨੇ ਥਾਣੇ ਵਿਚ ਦਰਜ ਸ਼ਿਕਾਇਤ ਦੀ ਕਾਪੀ ਅਤੇ ਸ਼ਿਕਾਇਤਕਰਤਾਵਾਂ ਨਾਲ ਦਸਤਖਤ ਕੀਤੇ ਸਮਝੌਤੇ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਬਦਲੇ ਉਸ ਤੋਂ 5,000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਜੀਤ ਕੌਰ ਨੇ ਅੱਗੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਇਸ ਤੋਂ ਪਹਿਲਾਂ ਉਸ ਦੇ ਹੱਕ ਵਿੱਚ ਉਕਤ ਪੁਲਿਸ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਉਸ ਤੋਂ 1,500 ਰੁਪਏ ਲਏ ਸਨ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।