ਜਲੰਧਰ(ਬਿਊਰੋ)— ਜਲੰਧਰ 'ਚ ਦਿਨ-ਦਿਹਾੜੇ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਜਲੰਧਰ 'ਚ ਫਾਇਰਿੰਗ ਦੀ ਵੱਡੀ ਖ਼ਬਰ ਆਈ ਹੈ। ਇਹ ਘਟਨਾ ਜਲੰਧਰ ਦੀ ਦਾਣਾ ਮੰਡੀ ਨੇੜੇ ਤੋਂ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਚਲਾਈਆਂ। ਇਸ ਦੌਰਾਨ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਮਚਾਰੀ ਤੋਂ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਲਈ ਕਈ ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 2 ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਇੱਕ ਸ਼ੈੱਲ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਅਜੇ ਵੀ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਏਸੀਪੀ ਸੈਂਟਰਲ ਨਿਰਮਲ ਸਿੰਘ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਦੁਪਹਿਰ 3 ਵਜੇ ਦੇ ਕਰੀਬ ਦਾਣਾ ਮੰਡੀ 'ਚ ਫਾਇਰਿੰਗ ਦੀ ਸੂਚਨਾ ਮਿਲੀ ਸੀ। ਫਿਰ ਥਾਣਾ 2 ਦੇ ਐਸਐਚਓ ਅਤੇ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਕ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਸੀ, ਜਿਸ ਨੂੰ ਮੋਟਰਸਾਈਕਲ 'ਤੇ ਸਵਾਰ 3 ਨੌਜਵਾਨਾਂ ਨੇ ਪਿੱਛੋਂ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਨੌਜਵਾਨ 'ਤੇ ਫਾਇਰਿੰਗ ਕੀਤੀ ਅਤੇ ਉਸ ਦਾ ਬੈਗ ਲੁੱਟ ਕੇ ਫਰਾਰ ਹੋ ਗਏ। ਪੀੜਤ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਜਾਂਚ ਅਧਿਕਾਰੀ ਨੂੰ ਬਿਆਨ ਦਰਜ ਕਰਨ ਲਈ ਹਸਪਤਾਲ ਭੇਜਿਆ ਗਿਆ ਹੈ। ਘਟਨਾ ਦੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀੜਤ ਦੇ ਬਿਆਨਾਂ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਹ ਘਟਨਾ ਪੁਰਾਣੀ ਦੁਸ਼ਮਣੀ ਕਾਰਨ ਕੀਤੀ ਗਈ ਸੀ ਜਾਂ ਇਹ ਲੁੱਟ ਦਾ ਮਾਮਲਾ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

