ਲੁਧਿਆਣਾ: ਸ਼ਹਿਰ 'ਚ ਨਗਰ ਨਿਗਮ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਨੇ 8 ਹੋਟਲਾਂ ਨੂੰ ਨਿਸ਼ਾਨਾ ਬਣਾਇਆ ਹੈ। ਪਾਰਕਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋਟਲਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਨੇ ਸ਼ੁੱਕਰਵਾਰ ਨੂੰ ਅੱਠ ਹੋਟਲਾਂ ਨੂੰ ਸੀਲ ਕਰ ਦਿੱਤਾ ਹੈ। ਇਹ ਹੋਟਲ ਨਗਰ ਨਿਗਮ ਦੇ ਜ਼ੋਨ ਡੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਹੈ, ਜਿਸ ਵਿੱਚ ਬਾੜੇਵਾਲਾ ਰੋਡ, ਫਿਰੋਜ਼ਪੁਰ ਰੋਡ, ਸ਼ਾਮ ਨਗਰ ਰੋਡ, ਹਰਨਾਮ ਨਗਰ ਰੋਡ ਅਤੇ ਦੁੱਗਰੀ ਰੋਡ ਸ਼ਾਮਲ ਹਨ।
ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਕੀਤੀ ਗਈ ਸੀ। ਨਗਰ ਨਿਗਮ ਜ਼ੋਨ ਡੀ ਦੀ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਅਨੁਸਾਰ ਇਹ ਮੁਹਿੰਮ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਦੇਚਵਾਲ ਦੇ ਨਿਰਦੇਸ਼ਾਂ 'ਤੇ ਚਲਾਈ ਗਈ। ਅਧਿਕਾਰੀਆਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਉਲੰਘਣਾ ਕਰਨ ਵਾਲੇ ਹੋਟਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

