ਫਰੀਦਕੋਟ: ਜ਼ਿਲ੍ਹੇ ਦੇ ਕਸਬਾ ਗੋਲੇਵਾਲਾ ਵਿੱਚ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਵਾਸੀ ਇਸ ਨਿੰਦਣਯੋਗ ਘਟਨਾ ਨੂੰ ਲੈ ਕੇ ਗੁੱਸੇ ਵਿੱਚ ਹਨ, ਇਸ ਨਿੰਦਣਯੋਗ ਘਟਨਾ ਦੀ ਖ਼ਬਰ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪਿੰਡ ਦੇ ਇਕ ਵਸਨੀਕ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਦੁੱਧ ਪਾ ਕੇ ਘਰ ਪਰਤ ਰਿਹਾ ਸੀ ਤਾਂ ਗੁਟਕਾ ਸਾਹਿਬ ਦੇ ਅੰਗ ਗਲੀ ਵਿਚ ਨਾਲੇ ਵਿਚ ਸੁੱਟ ਦਿੱਤੇ ਗਏ, ਜਿਸ 'ਤੇ ਉਸ ਨੇ ਇਹ ਅੰਗ ਇਕੱਠੇ ਕੀਤੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪਿੰਡ ਵਾਸੀਆਂ ਨੇ ਇਸ ਨੂੰ ਸ਼ਰਾਰਤੀ ਅਨਸਰਾਂ ਦੀ ਘਟੀਆ ਕਾਰਵਾਈ ਦੱਸਿਆ ਅਤੇ ਕਿਹਾ ਕਿ ਸ਼ਾਇਦ ਸ਼ਰਾਰਤੀ ਅਨਸਰ ਪਿੰਡ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਇਸ ਮਾਮਲੇ ਵਿੱਚ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪਿੰਡ ਵਾਸੀਆਂ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


