ਜਿਲਾ ਭਾਸ਼ਾ ਅਧਿਕਾਰੀ ਸੰਦੀਪ ਸ਼ਰਮਾ ਨੇ ਜ਼ਿਲ੍ਹੇ ਦੇ ਸਾਰੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਕਿਹਾ ਹੈ ਕਿ ਉਹ ਆਪਣੀਆਂ ਦੁਕਾਨਾਂ ਦੇ ਸਾਈਨ ਬੋਰਡ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਵਿੱਚ ਲਿਖਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਸਤਿਕਾਰ ਦੇਣ ਲਈ ਇਹ ਜ਼ਰੂਰੀ ਕਦਮ ਚੁੱਕਣਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਸੰਦੀਪ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਜਾਣਕਾਰੀ ਜਾਂ ਸਾਈਨ ਬੋਰਡ ਲਿਖਦੇ ਸਮੇਂ ਪੰਜਾਬੀ ਸ਼ਬਦਾਂ ਅਤੇ ਵਿਆਕਰਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਸਰਕਾਰ ਇਸ ਦਿਸ਼ਾ ਵਿੱਚ ਸਖਤੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਪੰਜਾਬੀ ਭਾਸ਼ਾ ਨੂੰ ਪੂਰੇ ਸੂਬੇ ਵਿੱਚ ਬਣਦਾ ਸਤਿਕਾਰ ਮਿਲ ਸਕੇ।
ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਰਾਹੀਂ ਹੁਕਮ ਜਾਰੀ ਕੀਤੇ ਹਨ ਕਿ ਸੂਬੇ ਦੀਆਂ ਗੈਰ-ਸਰਕਾਰੀ ਸੰਸਥਾਵਾਂ, ਸਰਕਾਰੀ ਅਤੇ ਪ੍ਰਾਈਵੇਟ ਦੁਕਾਨਾਂ, ਵਪਾਰਕ ਅਦਾਰਿਆਂ, ਸੜਕਾਂ ਦੇ ਨਾਮ, ਮੀਲ ਪੱਥਰ ਅਤੇ ਹੋਰ ਸੰਕੇਤਾਂ ਦੇ ਨਾਮ ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ। ਨਿਯਮਾਂ ਅਨੁਸਾਰ ਜੇਕਰ ਕਿਸੇ ਹੋਰ ਭਾਸ਼ਾ ਦੀ ਵਰਤੋਂ ਕਰਨੀ ਹੈ ਤਾਂ ਉਸ ਨੂੰ ਪੰਜਾਬੀ ਦੇ ਹੇਠਾਂ ਲਿਖਿਆ ਜਾਣਾ ਚਾਹੀਦਾ ਹੈ। ਸਰਕਾਰ ਨੇ 24 ਮਾਰਚ 2023 ਦੇ ਨੋਟੀਫਿਕੇਸ਼ਨ ਤਹਿਤ ਸਪੱਸ਼ਟ ਕੀਤਾ ਹੈ ਕਿ ਨਾਮ ਬੋਰਡ, ਸਾਈਨ ਬੋਰਡ ਅਤੇ ਹੋਰ ਸਾਈਨ ਬੋਰਡ ਮੁੱਖ ਤੌਰ 'ਤੇ ਪੰਜਾਬੀ ਭਾਸ਼ਾ ਵਿੱਚ ਹੋਣੇ ਚਾਹੀਦੇ ਹਨ ਅਤੇ ਜੇ ਹੋਰ ਭਾਸ਼ਾਵਾਂ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਪੰਜਾਬੀ ਦੇ ਹੇਠਾਂ ਲਿਖਿਆ ਜਾਣਾ ਚਾਹੀਦਾ ਹੈ।
ਸੰਦੀਪ ਸ਼ਰਮਾ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਇਸ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਪਹਿਲੀ ਵਾਰ 1,000 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਇਸ ਤੋਂ ਬਾਅਦ ਹਰ ਉਲੰਘਣਾ 'ਤੇ 2,000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।