ਕਾਦੀਆਂ : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਅੱਜ ਕਾਦੀਆਂ ਸਬ-ਡਵੀਜ਼ਨ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਤਿੰਦਰ ਸਿੰਘ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਦੀਆਂ ਦੇ ਮੁਹੱਲਾ ਤਰਖਾਣਵਾਲੀ ਦੇ ਵਸਨੀਕ ਕਸ਼ਮੀਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਕਤ ਜੇ.ਈ. ਦੋਸ਼ੀ ਨੇ ਉਸ ਦੀ ਨੂੰਹ ਦੇ ਨਵੇਂ ਬਣੇ ਮਕਾਨ ਲਈ ਅਸਥਾਈ ਘਰੇਲੂ ਬਿਜਲੀ ਕੁਨੈਕਸ਼ਨ ਦੇਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਤਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

