ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਵਲ ਹਸਪਤਾਲ ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਵਿਜੇ ਕੁਮਾਰ ਵਾਸੀ ਜੱਸਲ ਕਲੋਨੀ, ਲੁਧਿਆਣਾ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰੀ ਨੇ ਉਸ ਦੀ ਮੈਡੀਕਲ ਰਿਪੋਰਟ ਦੀ ਰਸੀਦ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ ਸੀ। ਦੋਸ਼ੀ ਪਹਿਲਾਂ ਹੀ ਉਸ ਤੋਂ 3,000 ਰੁਪਏ ਲੈ ਚੁੱਕਾ ਸੀ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਦੋਸ਼ੀ ਖਿਲਾਫ ਲੁਧਿਆਣਾ ਦੇ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।