ਲੁਧਿਆਣਾ: ਜ਼ਿਲ੍ਹੇ 'ਚ ਇਕ ਪਿਤਾ ਅਤੇ ਉਸ ਦੀ ਧੀ ਵੱਲੋਂ ਕੀਤੀ ਗਈ ਭਿਆਨਕ ਹਰਕਤ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਜੋਧੇਵਾਲ ਅਧੀਨ ਕਾਲੀ ਸੜਕ 'ਤੇ ਰਹਿਣ ਵਾਲੇ ਪਿਤਾ-ਧੀ ਨੇ ਮਾਣਹਾਨੀ ਦੇ ਡਰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਕਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਲੜਕੀ ਅਤੇ ਉਸ ਦੇ ਪਿਤਾ ਸੋਨੂੰ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਪੁਲਸ ਤੁਰੰਤ ਸਿਵਲ ਹਸਪਤਾਲ ਪਹੁੰਚੀ, ਜਿੱਥੇ ਸੋਨੂੰ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਬੈਂਕ ਕਲੋਨੀ 'ਚ ਰਹਿਣ ਵਾਲਾ ਇਕ ਨੌਜਵਾਨ ਕਈ ਦਿਨਾਂ ਤੋਂ ਉਸ ਦੀ ਬੇਟੀ ਨੂੰ ਪਰੇਸ਼ਾਨ ਕਰ ਰਿਹਾ ਹੈ। ਇਸ ਤੋਂ ਦੁਖੀ ਹੋ ਕੇ ਉਸ ਨੇ ਖੁਦਕੁਸ਼ੀ ਕਰਨ ਲਈ ਘਰ 'ਚ ਰੱਖਿਆ ਫਿਨਾਇਲ ਪੀ ਲਿਆ। ਇਸ ਤੋਂ ਬਾਅਦ ਸੋਨੂੰ ਅਤੇ ਉਸ ਦੀ ਬੇਟੀ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਦੋਵੇਂ ਖਤਰੇ ਤੋਂ ਬਾਹਰ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

